ਸੰਸਦ ਵਿੱਚ ਪੰਜਾਬ ਹੱਕਾਂ ਲਈ ਆਵਾਜ਼ ਬੁਲੰਦ ਕਰਾਂਗਾ: ਕੁਲਦੀਪ ਧਾਲੀਵਾਲ
(ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਵੱਲੋਂ ਅੱਜ ਮਜੀਠਾ ਹਲਕੇ ਵਿੱਚ ਵਿਸ਼ਾਲ ਚੋਣ ਰੈਲੀ ਕਰਕੇ ਲੋਕਾਂ ਦੇ ਹੱਕਾਂ ’ਤੇ ਡਾਕੇ ਮਾਰਨ ਵਾਲੀਆਂ ਸਿਆਸੀ ਧਿਰਾਂ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਨੂੰ ਚੱਲਦਾ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਹਲਕਾ ਮਜੀਠਾ ਦੇ ਆਗੂ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਵੱਲੋਂ ਕਰਵਾਈ ਗਈ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਧਾਲੀਵਾਲ (Kuldeep Dhaliwal) ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਰੋੜਾ ਅਟਕਾਉਣ ਲਈ ਕੇਂਦਰ ਸਰਕਾਰ ਨੇ ਆਰ ਡੀ ਐਫ਼ ਫੰਡ ਰੋਕੇ ਹਨ। ਜਿਹੜੀ ਭਾਜਪਾ ਸਰਕਾਰ ਪੰਜਾਬ ਦੀ ਝਾਕੀ ਤੱਕ ’ਤੇ ਰੋਕ ਲੱਗਾ ਸਕਦੀ ਹੈ ਉਹ ਪੰਜਾਬ ਦੇ ਪੱਖ ਵਿੱਚ ਕਿਵੇਂ ਹੋ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਝੂਠੇ ਕੇਸ ਦਰਜ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮਨੋਬਲ ਤੋੜਨਾ ਚਾਹੁੰਦੀ ਹੈ। ਪਰ ਸੰਘਰਸ਼ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਹੌਂਸਲੇ ਬੁਲੰਦ ਹਨ ਅਤੇ ਇਸ ਵਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ 13-0 ਦਾ ਸੁਪਨਾ ਸਾਕਾਰ ਹੋਵੇਗਾ।
ਸ਼੍ਰੀ ਧਾਲੀਵਾਲ ਨੇ ਕਿਹਾ ਕਿ ਅੱਜ ਵਕਤ ਆ ਗਿਆ ਹੈ ਫੈਸਲਾ ਕਰਨ ਦਾ ਇਕ ਪਾਸੇ ਦੋ ਸਾਲ ਦਾ ਵਿਕਾਸ ਹੈ ਅਤੇ ਦੂਜੇ ਪਾਸੇ ਦੂਸਰੀਆਂ ਸਿਆਸੀ ਪਾਰਟੀਆਂ ਵੱਲੋਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦਾ ਕੀਤਾ ਗਿਆ ਵਿਨਾਸ਼ ਹੈ। ਇਹ ਫੈਸਲਾ ਲੋਕਾਂ ਨੇ ਕਰਨਾ ਹੈ। ਉਹਨਾਂ ਕਿਹਾ ਕਿ ਰੱਬ ਦੀ ਕਚਿਹਰੀ ਤੋਂ ਬਾਅਦ ਲੋਕਾਂ ਦੀ ਕਚਿਹਰੀ ਸਭ ਤੋਂ ਵੱਡੀ ਅਤੇ ਮੈਂ ਆਪਣੇ ਦੋ ਸਾਲ ਦੇ ਕੰਮ ਲੈ ਕੇ ਲੋਕਾਂ ਦੀ ਕਚਿਹਰੀ ਵਿੱਚ ਪੇਸ਼ ਹੋਇਆ ਹਾਂ ਫੈਸਲਾ ਤੁਸਾਂ ਕਰਨਾ ਹੈ।
ਇਹ ਵੀ ਪੜ੍ਹੋ: ਅਣਪਛਾਤੀ ਕਾਰ ’ਚੋਂ 40 ਲੱਖ ਦੀ ਨਗਦੀ ਬਰਾਮਦ, ਜਾਂਚ ’ਚ ਜੁਟੀ ਪੁਲਿਸ
ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਰਹਿੰਦੇ ਉਹਨਾਂ ਨੇ ਹਲਕੇ ਅਤੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਦੋ ਸਾਲਾਂ ਵਿਚ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕੰਮਾਂ ਨੂੰ ਵੇਖਦੇ ਹੀ ਪਾਰਟੀ ਨੇ ਉਹਨਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਜੋ ਕੰਮ ਦੋ ਸਾਲਾਂ ਵਿਚ ਕੀਤੇ ਗਏ ਹਨ ਉਹ ਦੂਸਰੀਆਂ ਸਿਆਸੀ ਪਾਰਟੀਆਂ ਵੱਲੋਂ 75 ਸਾਲਾਂ ਵਿਚ ਨਹੀਂ ਕੀਤੇ ਗਏ।
ਉਹਨਾਂ ਕਿਹਾ ਕਿ ਉਹਨਾਂ ਦਾ ਸੁਪਨਾ ਹੈ ਕਿ ਇਸ ਸਰਹੱਦੀ ਜ਼ਿਲ੍ਹੇ ਨੂੰ ਦੁਨੀਆਂ ਦਾ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਬਣਾਵਾਂ। ਉਹਨਾਂ ਕਿਹਾ ਕਿ ਇਸ ਗੁਰੂ ਦੀ ਨਗਰੀ ਤੋਂ ਹਰ ਲੀਡਰ ਅਸ਼ੀਰਵਾਦ ਲੈਣ ਲਈ ਆਉਂਦਾ ਤਾਂ ਹੈ ਪਰ ਜਿੱਤਣ ਤੋਂ ਬਾਅਦ ਕਦੇ ਇਸ ਦੀ ਬਿਹਤਰੀ ਲਈ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਹਿਯੋਗ ਨੇ ਨਾਲ ਓਹ ਲੋਕ ਸਭਾ ਵਿੱਚ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਜੀਵਨਜੋਤ ਕੌਰ ਆਦਿ ਵੀ ਹਾਜ਼ਰ ਸਨ।