ਈਡੀ ਨੇ ਘਰੋਂ ਕੀਤੀ ਗ੍ਰਿਫਤਾਰ (Kejriwal Arrested)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। Kejriwal Arrested ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ’ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚ ਸੀ। ਇਸ ਦੌਰਾਨ ਪੁਲਿਸ ਨੇ ਕਿਸੇ ਨੂੰ ਵੀ ਮੁੱਖ ਮੰਤਰੀ ਨਿਵਾਸ ਦੇ ਅੰਦਰ ਨਹੀਂ ਜਾਣ ਦਿੱਤਾ। ਈਡੀ ਨੇ ਅਰਵਿੰਦ ਕੇਜਰੀਵਾਲ ਤੋਂ ਕਈ ਘੰਟੇ ਪੁੱਛਗਿਛ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਮੁੱਖ ਮੰਤਰੀ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਸਨ। ਧਾਰਾ 144 ਲਗਾਈ ਗਈ ਹੈ। ਦਿੱਲੀ ਪੁਲਿਸ ਦੇ ਜਵਾਨਾਂ ਦੇ ਨਾਲ ਆਰਏਐਫ ਵੀ ਮੌਜੂਦ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ, ਪਰ ਕੇਜਰੀਵਾਲ ਪੇਸ਼ ਨਹੀਂ ਹੋਏ ਸਨ।
ਆਪ ਵਿਧਾਇਕ ਨੂੰ ਅੰਦਰ ਜਾਣ ਤੋਂ ਰੋਕਿਆ
ਜਿਵੇਂ ਹੀ ਈਡੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਤਾਂ ਵੱਡੀ ਗਿਣਤੀ ’ਚ ਆਪ ਦੇ ਵਿਧਾਇਕ ਇਕੱਠੇ ਹੋ ਗਈ। ਹਾਲਾਂਕਿ ਕਿਸੇ ਵੀ ਵਿਧਾਇਕ ਨੂੰ ਪੁਲਿਸ ਨੇ ਅੰਦਰ ਨਹੀਂ ਜਾਣ ਦਿੱਤਾ। ਆਪ ਵਿਧਾਇਕ ਨੇ ਇਸ ਦਾ ਵਿਰੋਧ ਵੀ ਕੀਤਾ ਅਤੇ ਭਾਜਪਾ ਖਿਲ਼ਾਫ ਨਾਅਰੇਬਾਜ਼ੀ ਵੀ ਕੀਤੀ।
ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ ਦੇ ਵਕੀਲ
ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਕੇਜਰੀਵਾਲ ਦੇ ਵਕੀਲਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਕੇਜਰੀਵਾਲ ਦੀ ਕਾਨੂੰਨੀ ਟੀਮ ਗ੍ਰਿਫਤਾਰੀ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ।