ਪ੍ਰਸ਼ਾਸਨ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ | Lok Sabha Elections
ਜਲੰਧਰ (ਰਾਜਨ ਮਾਨ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਨੇ ਅੱਜ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ ਅਤੇ ਸਾਰੇ ਉਮੀਦਵਾਰਾਂ ਨੂੰ ਇਕੋ ਜਿਹਾ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। (Lok Sabha Elections)
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਪਾਲਣਾ ਕਰਨ ਦੇ ਨਾਲ-ਨਾਲ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। (Lok Sabha Elections)
ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਦੀ ਸਹੂਲਤ ਲਈ 19 ਤਰ੍ਹਾਂ ਦੀਆਂ ਵੱਖ-ਵੱਖ ਪ੍ਰਵਾਨਗੀਆਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਪੱਧਰ ’ਤੇ ਪ੍ਰਵਾਨਗੀ ਸੈੱਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਮਨਜ਼ੂਰੀ ਦੇ ਕੋਈ ਵੀ ਸਿਆਸੀ ਇਕੱਠ/ਲਾਊਡਸਪੀਕਰ ਆਦਿ ਦੀ ਵਰਤੋਂ ਕਰਨ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਨ੍ਹਾਂ ਪ੍ਰਵਾਨਗੀਆਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਰੈਲੀਆਂ, ਸਮਾਗਮਾਂ, ਚੋਣ ਦਫ਼ਤਰ ਸਥਾਪਤ ਕਰਨ, ਮੀਟਿੰਗਾਂ ਕਰਨ, ਲਾਊਡ ਸਪੀਕਰਾਂ, ਹੈਲੀਕਾਪਟਰਾਂ ਦੀ ਵਰਤੋਂ ਆਦਿ ਸਬੰਧੀ ਮਨਜ਼ੂਰੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਮਰਾ ਨੰਬਰ 22, ਐਮ.ਏ. ਸ਼ਾਖਾ ਵਿਖੇ ਜ਼ਿਲ੍ਹਾ ਪੱਧਰੀ ‘ਪ੍ਰਵਾਨਗੀ ਸੈੱਲ’ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏ.ਆਰ.ਓ ਪੱਧਰ ‘ਤੇ ਵੀ ਪ੍ਰਵਾਨਗੀ ਸੈੱਲ ਸਥਾਪਤ ਕੀਤੇ ਗਏ ਹਨ, ਜਿੱਥੇ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਪ੍ਰਵਾਨਗੀਆਂ ਦਿੱਤੀਆਂ ਜਾਣਗੀਆਂ।
Also Read : ਪੰਜਾਬੀਆਂ ਨੂੰ ਬਿਜਲੀ ਦਰਾਂ ‘ਚ ਰਾਹਤ, ਇਸ ਤਰ੍ਹਾਂ ਹੋਵੇਗਾ ਫ਼ਾਇਦਾ
ਉਨ੍ਹਾਂ ਅੱਗੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਲਈ ਆਪਣੀ ਚੋਣ ਮੁਹਿੰਮ ਲਈ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਸਬੰਧੀ ਸਮੱਗਰੀ ਦੀ ਪ੍ਰੀ ਸਰਟੀਫਿਕੇਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 14-ਏ ਵਿਖੇ ਸਥਾਪਤ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਕਰਵਾਉਣੀ ਲਾਜ਼ਮੀ ਹੈ।
ਟੋਲ ਫ੍ਰੀ ਨੰਬਰ 1950 ‘ਤੇ ਜਾਣਕਾਰੀ
ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਪ੍ਰਵਾਨਗੀ ਲਈ ਆਨਲਾਈਨ ਅਤੇ ਆਫਲਾਈਨ ਅਰਜ਼ੀਆਂ ਕ੍ਰਮਵਾਰ 48 ਘੰਟੇ ਅਤੇ 24 ਘੰਟੇ ਤੋਂ ਪਹਿਲਾਂ ਜਮ੍ਹਾ ਕਰਵਾਉਣੀਆਂ ਜ਼ਰੂਰੀ ਹਨ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ‘ਤੇ ਵੀ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ 50,000 ਤੋਂ ਵੱਧ ਨਕਦੀ ਨਾਲ ਲੈ ਕੇ ਨਹੀਂ ਚੱਲਣਾ ਚਾਹੀਦਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਨਫ਼ਰਤੀ ਭਾਸ਼ਣ/ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ/ਭ੍ਰਿਸ਼ਟ ਕਾਰਵਾਈਆਂ ਆਦਿ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਹੁਜਨ ਸਮਾਜ ਪਾਰਟੀ, ਆਮ ਆਦਮੀ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਨੁਮਾਇੰਦੇ ਵੀ ਮੌਜੂਦ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਅਤੇ ਸਮੂਹ 9 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੀ ਮੌਜੂਦ ਸਨ।