ਪੁਲਿਸ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Patiala News : ਡਿਪਟੀ ਇੰਸਪੈਕਟਰ ਜਰਨਲ ਆਫ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਦੀ ਸਰਪ੍ਰਸਤੀ ਹੇਠ ਪਟਿਆਲਾ ਪੁਲਿਸ ਨੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਿਵੇਕਲਾ ਉਪਰਾਲਾ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਇੱਥੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕਰਵਾਇਆ।
ਸੈਮੀਨਾਰ ਮੌਕੇ ਐੱਸਐੱਸਪੀ ਵਰੁਣ ਸ਼ਰਮਾ ਨੇ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਸਮਾਜ ਨੂੰ ਪੁਲਿਸ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ‘ਨਸ਼ੇ ਦੇ ਸ਼ੌਕ ਅਵੱਲੇ, ਭੀਖ ਮੰਗਾਵੇ ਕੁਝ ਨਾ ਛੱਡੇ ਪੱਲੇ’, ‘ਸ਼ਰਾਬ ਦਾ ਨਸ਼ਾ, ਜਿੰਦਗੀ ਦੀ ਦੁਰਦਸ਼ਾ’, ‘ਨਸ਼ੇ ਨਾਲ ਤੋੜੋ ਯਾਰੀ, ਜੀਵਨ ਨਾਲ ਜੋੜੋ ਯਾਰੀ’ ਆਦਿ ਨਸ਼ਾ ਵਿਰੋਧੀ ਪੋਸਟਰ ਜਾਰੀ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ।
ਪਟਿਆਲਾ ਪੁਲਿਸ ਨਸ਼ਾ ਤਸਕਰਾਂ ’ਤੇ ਕਸ ਰਹੀ ਲਗਾਮ : ਐੱਸਐੱਸਪੀ | Patiala News
ਸ਼ਰਮਾ ਨੇ ਦੱਸਿਆ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਹੈ ਹੁਣ ਲੋਕ ਰਲਕੇ ਹੰਭਲਾ ਮਾਰਦੇ ਹੋਏ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਅੱਗੇ ਆਉਣ। ਨਸ਼ਿਆਂ ਦੀ ਲਤ ਨੂੰ ਗੰਭੀਰ ਬਿਮਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨਸ਼ੇ ਦੇ ਸ਼ਿਕਾਰ ਵਿਅਕਤੀਆਂ ਦੇ ਇਲਾਜ ਲਈ ਪੂਰਾ ਸਹਿਯੋਗ ਕਰ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਕਿਸੇ ਕਾਰਨ ਨਸ਼ਿਆਂ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਨੂੰ ਬਿਮਾਰ ਮੰਨ ਕੇ ਇਲਾਜ ਕਰਵਾਉਣ ਦੀ ਨੀਤੀ ਬਣਾਈ ਹੈ।
ਨਸ਼ਿਆਂ ਦੀ ਲਤ
ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਦੀ ਲਗਾਮ ਕੱਸਦੇ ਹੋਏ ਨਸ਼ਾ ਤਸਕਰਾਂ ਦੀ 9 ਕਰੋੜ ਤੋਂ ਵਧੇਰੇ ਜਾਇਦਾਦ ਕੁਰਕ ਕਰਵਾਕੇ ਸੂਬੇ ’ਚ ਮੋਹਰੀ ਭੂਮਿਕਾ ਨਿਭਾਈ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ 15 ਤੋਂ 35 ਸਾਲ ਦੀ ਉਮਰ ਤੱਕ ਨਸ਼ਿਆਂ ਦੀ ਲਤ ਲੱਗਣ ਦਾ ਖਤਰਾ ਸਭ ਤੋਂ ਜ਼ਿਆਦਾ ਹੁੰਦਾ ਹੈ, ਇਸ ਲਈ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਦੋਸਤੀ ਦੇ ਵਾਸਤੇ ਪਾ ਕੇ ਨਸ਼ੇ ਦੀ ਲਤ ਲਗਾਉਣ ਵਾਲੇ ਤੋਂ ਦੂਰ ਰਹਿਕੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। (Patiala News)
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਪੁਲਿਸ ਵੱਲੋਂ ਗੁਪਤ ਰੱਖਿਆ ਜਾਂਦਾ ਹੈ ਇਸ ਲਈ ਬਗੈਰ ਕਿਸੇ ਡਰ ਭੈ ਤੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਹੀ ਅਸੀਂ ਨਸ਼ਿਆਂ ਨੂੰ ਪੰਜਾਬ ’ਚੋਂ ਜੜ੍ਹੋਂ ਖ਼ਤਮ ਕਰ ਸਕਾਂਗੇ। ਇਸ ਮੌਕੇ ਐੱਸਪੀ ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਰੁਚੀ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ, ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਵਲੋਂ ਨਸ਼ਿਆਂ ਵਿਰੁੱਧ ਚੱਲਣ ਲਈ ਸਹੁੰ ਚੁਕਾਈ ਗਈ।
Also Read : Physical Exertion: ਸਰੀਰਕ ਮਿਹਨਤ ਦਾ ਘਟਣਾ ਚਿੰਤਾਜਨਕ
ਇਸ ਮੌਕੇ ਡਰੱਗ ਫਰੀ ਵਰਲਡ ਵੱਲੋਂ ਨਸ਼ਿਆਂ ਵਿਰੁੱਧ ਪਬਲਿਕ ਨੂੰ ਜਾਗਰੂਕ ਕਰਨ ਲਈ ਕਿਤਾਬਾਂ ਮੁਫ਼ਤ ਵੰਡੀਆਂ ਗਈਆਂ। ਇਸ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਮੌਕੇ ਇਕ ਹਜ਼ਾਰ ਤੋਂ ਵੱਧ ਨੌਜਵਾਨਾਂ ਤੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਨੂੰ ਖੇਡਾਂ ਕਿੱਟਾਂ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਲਈ ਪੋਸਟਰ ਜਾਰੀ ਕੀਤੇ ਗਏ।