ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਪੀਲ (Punjab News)
- ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ।
ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸੁਰੂ ਕੀਤੀ ਜਾਵੇਗੀ। Punjab News
ਇਹ ਵੀ ਪੜ੍ਹੋ: ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।
ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ
ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸਨਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ। (Punjab News)