ਭਾਰਤ-ਪਾਕਿ ਸਰਹੱਦ ’ਤੇ ਇੱਕ ਸਾਲ ਦੇ ਅੰਦਰ-ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ : ਰਾਜਪਾਲ (Punjab News)
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕੇ ਦੀਆਂ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਐਲਾਨ ਕੀਤਾ ਕਿ ਇੱਕ ਸਾਲ ਦੇ ਅੰਦਰ-ਅੰਦਰ ਪੂਰੀ ਭਾਰਤ-ਪਾਕਿ ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ, ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। Punjab News
ਅੱਜ ਪਿੰਡ ਧਨੋਏ ਅਤੇ ਉਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਲ ਵਿੱਚ ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਵੀ ਐਲ ਡੀ ਸੀ ਮੈਂਬਰਾਂ ਨਾਲ ਮੀਟਿੰਗ ਕਰਦੇ ਸ੍ਰੀ ਪਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਅਪਣਾਈ ਹਮਲਾਵਰ ਨੀਤੀ ਲਈ ਕੇਂਦਰੀ ਅਤੇ ਸੂਬਾ ਏਜੰਸੀਆਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਿਵਲ, ਪੁਲਿਸ ਅਤੇ ਕੇਂਦਰੀ ਏਜੰਸੀਆਂ ਮਿਲ ਕੇ ਕੰਮ ਕਰ ਰਹੀਆਂ ਹਨ ਉਸਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਦੀ ਆਮਦ ਸਬੰਧੀ ਡੀਆਈਜੀ, ਡੀਸੀ ਤੇ ਐਸਐਸਪੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਉਨਾਂ ਇਹ ਵੀ ਐਲਾਨ ਕੀਤਾ ਕਿ ਭਾਰਤ ਪਾਕ ਸਰਹੱਦ ਨਾਲ ਲੱਗਦੇ ਛੇ ਜ਼ਿਲ੍ਹਿਆਂ ਵਿੱਚ ਚੰਗਾ ਕੰਮ ਕਰਨ ਵਾਲੀਆਂ ਕਮੇਟੀਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ , ਜਿਨਾਂ ਵਿੱਚ ਪਹਿਲਾ ਇਨਾਮ 3 ਲੱਖ ਰੁਪਏ, ਦੂਸਰਾ ਇਨਾਮ 2 ਲੱਖ ਰੁਪਏ ਤੇ ਤੀਸਰਾ ਇਨਾਮ ਇਕ ਲੱਖ ਰੁਪਏ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਵਿਚ ਨਸ਼ਿਆਂ ਦੇ ਖਾਤਮੇ ਲਈ ਹਰ ਜ਼ਿਲ੍ਹੇ ਵਿਚ ਪਿੰਡ ਪੱਧਰ ’ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ ਅਤੇ ਜ਼ਿਲ੍ਹੇ ਪੱਧਰ ਦੀ ਮੀਟਿੰਗ ਹਰ ਸਾਲ ਬੁਲਾ ਕੇ ਕਮੇਟੀ ਮੈਂਬਰਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨਾਂ ਨਸ਼ੇ ਦੇ ਅਦਾਲਤੀ ਕੇਸਾਂ ਨਜਿੱਠਣ ਲਈ ਵਕੀਲਾਂ ਦਾ ਵਿਸ਼ੇਸ਼ ਪੈਨਲ ਗਠਿੱਤ ਕਰਨ ਅਤੇ ਦੋਸ਼ੀ ਵਿਅਕਤੀ ਨੂੰ ਸਜ਼ਾ ਸੁਣਾਏ ਜਾਣ ’ਤੇ ਤੁਰੰਤ ਉਸਦੀ ਜਾਇਦਾਦ ਜਬ਼ਤ ਕਰਨ ਦੀ ਹਦਾਇਤ ਵੀ ਕੀਤੀ। ਉਨਾਂ ਕਿਹਾ ਕਿ ਨਸ਼ੇ ਦੇ ਸਮੱਗਲਰਾਂ ਨਾਲ ਰਤੀ ਭਰ ਵੀ ਤਰਸ ਨਾ ਕੀਤਾ ਜਾਵੇ, ਸਗੋਂ ਕੁਚਲਣ ਦੀ ਨੀਤੀ ਅਪਣਾਈ ਜਾਵੇ। Punjab News
ਨਸ਼ਿਆਂ ਵਿਰੁੱਧ ਕੰਮ ਕਰਨ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆਂ ਦੀ ਕੀਤੀ ਸਿਫ਼ਤ
ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਵੀਐਲਡੀਸੀ ਮੈਂਬਰਾਂ ਨੂੰ ਅਸਲਾ ਲਾਇਸੰਸ ਲੋੜ ਅਨੁਸਾਰ ਜਾਰੀ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਉਹਨਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇ ਤਾਂ ਜੋ ਲੋਕ ਅੱਗੇ ਆ ਕੇ ਇਸ ਤਸਕਰਾਂ ਵਿਰੁੱਧ ਕੰਮ ਕਰਨ । ਉਹਨਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਬਾਰਡਰ ਏਰੀਏ ਦੇ ਪੁਲਿਸ ਸਟੇਸ਼ਨ ਨੂੰ ਮਜਬੂਤ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪਾਕਿਸਤਾਨ ਕਿਉਂਕਿ ਸਿੱਧੇ ਤੌਰ ’ਤੇ ਭਾਰਤ ਨਾਲ ਲੜਨ ਦੀ ਸਮਰੱਥਾ ਨਹੀਂ ਰੱਖਦਾ ਇਸ ਲਈ ਇਹ ਨਸ਼ਾ ਤਸਕਰੀ ਉਸ ਦੁਆਰਾ ਲੜੀ ਜਾ ਰਹੀ ਲੜਾਈ ਹੈ ,ਜਿਸ ਵਿੱਚ ਦੁਸ਼ਮਣ ਨੂੰ ਹਰਾਉਣ ਲਈ ਸਰਹੱਦੀ ਖੇਤਰ ਦੇ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ।
‘ਇੱਕ ਪੇੜ ਮਾਂ ਕੇ ਨਾਮ’ ਦੀ ਸ਼ੁਰੂਆਤ ਕਰਦੇ ਇਕ ਪੌਦਾ ਵੀ ਲਗਾਇਆ
ਉਹਨਾਂ ਨੇ ਸਰਹੱਦ ਉੱਤੇ ਬੈਠੇ ਪਿੰਡਾਂ ਦੇ ਲੋਕਾਂ ਦੀ ਬਹਾਦਰੀ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਸਹਿਯੋਗ ਹਮੇਸ਼ਾ ਦੁਸ਼ਮਣ ਨੂੰ ਪਛਾੜਨ ਵਿੱਚ ਕਾਰਗਰ ਸਾਬਤ ਹੋਇਆ ਹੈ ਅਤੇ ਅੱਜ ਵੀ ਨਸ਼ੇ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਪੁਲਿਸ ਨੂੰ ਵੱਡੀ ਲੋੜ ਹੈ । ਉਹਨਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਨਸ਼ੇ ਵਿਰੁੱਧ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਤੁਹਾਡਾ ਸਾਥ ਦੇਣ ਲਈ ਆਉਂਦੇ ਰਹਿਣਗੇ ਬਸ਼ਰਤੇ ਕਿ ਤੁਸੀਂ ਇਸ ਤਸਕਰੀ ਵਿਰੁੱਧ ਡਟੇ ਰਹੋ। ਇਸ ਤੋਂ ਪਹਿਲਾਂ ਉਨਾਂ ਨੇ ਧਨੋਏ ਕਲਾਂ ਵਿਖੇ ਸ਼ਹੀਦਾਂ ਦੀ ਯਾਦਗਾਰ ਉੱਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਬੀ.ਐਸ.ਐਫ. ਪੋਸਟ ਵਿਖੇ ‘ਇੱਕ ਪੇੜ ਮਾਂ ਕੇ ਨਾਮ’ ਦੀ ਸ਼ੁਰੂਆਤ ਕਰਦੇ ਇਕ ਪੌਦਾ ਵੀ ਲਗਾਇਆ।
ਹਰੇਕ ਡਰੋਨ ਦੀ ਬਰਾਮਦਗੀ ਉੱਤੇ ਦਿੱਤਾ ਜਾਵੇਗਾ ਇਕ ਲੱਖ ਰੁਪਏ ਦਾ ਇਨਾਮ : ਡੀਜੀਪੀ
ਇਸ ਮੌਕੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਸਰਹੱਦ ਪਾਰ ਤੋਂ ਆਉਂਦੇ ਡਰੋਨ ਨੂੰ ਫੜਾਉਣ ਵਿੱਚ ਪੁਲਿਸ ਦੀ ਮੱਦਦ ਕਰੇਗਾ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਜੋ ਵੀ ਡਰੋਨ ਲੋਕਾਂ ਨੇ ਫੜਾਏ ਹਨ ਉਹਨਾਂ ਦਾ ਵੀ ਇਨਾਮ ਉਹਨਾਂ ਨੂੰ ਮਿਲੇਗਾ ਅਤੇ ਭਵਿੱਖ ਵਿੱਚ ਵੀ ਇਹ ਇਨਾਮ ਦਿੱਤਾ ਜਾਵੇਗਾ। ਉਹਨਾਂ ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਿੰਨ ਪਿੰਡਾਂ ਧਨੋਏ , ਮੋਦੋ ਕੇ ਅਤੇ ਅਟੱਲਗੜ੍ਹ ਦੀਆਂ ਯੂਥ ਕਲੱਬਾਂ ਨੂੰ 3.5 ਲੱਖ ਰੁਪਏ ਦੀ ਗਰਾਂਟ ਦਿੱਤੀ ।
ਇਸ ਮੌਕੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ, ਵਧੀਕ ਪ੍ਰਮੁੱਖ ਸਕੱਤਰ ਸ਼੍ਰੀ ਕੇ ਸ਼ਿਵਾ ਪ੍ਰਸ਼ਾਦ , ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਪ੍ਰਭਾਰੀ ਸੈਕਟਰੀ ਸ਼੍ਰੀ ਕਮਲ ਕਿਸ਼ੋਰ ਯਾਦਵ, ਪੁਲਿਸ ਕਮਿਸ਼ਨਰ ਸ੍ਰੀ ਰਣਜੀਤ ਸਿੰਘ, ਡੀਆਈਜੀ ਸ੍ਰੀ ਰਾਕੇਸ਼ ਕੌਸ਼ਲ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਤੇ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਅਸ਼ਵਨੀ ਕਪੂਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।