Amritsar News: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 91920 ਮੀਟਰਿਕ ਟਨ ਝੋਨੇ ਦੀ ਕਰਵਾਈ ਲਿਫਟਿੰਗ
Amritsar News: ਅੰਮ੍ਰਿਤਸਰ (ਰਾਜਨ ਮਾਨ)। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਨੇ ਅਨਾਜ ਮੰਡੀ ਖਲਚੀਆਂ ਦਾ ਦੌਰਾ ਕੀਤਾ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 91928 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ | Amritsar News
ਉਹਨਾਂ ਹੋਰ ਦੱਸਿਆ ਕਿ ਉਹਨਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਅੱਜ ਸ਼ਾਮ ਤੱਕ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ’ਤੇ ਉਹ ਨਿੱਜੀ ਤੌਰ ’ਤੇ ਤਿੱਖੀ ਨਜ਼ਰ ਰੱਖਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6 ਲੱਖ ਮੀਟਰਕ ਟਨ ਆਮਦ ਹੋਈ ਹੈ, ਜਿਸ ਵਿਚੋਂ 4.40 ਲੱਖ ਮੀਟਰਕ ਟਨ ਬਾਸਮਤੀ ਅਤੇ 160000 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜੋਕਿ ਲੱਗ ਭਗ ਸਾਰੀ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।
Read Also : ਪੰਜਾਬ ਦੇ ਇਸ ਸ਼ਹਿਰ ’ਚ ਘੁੰਮਦੇ ਵੇਖੇ ਗਏ ਚੀਤੇ, ਲੋਕਾਂ ’ਚ ਦਹਿਸ਼ਤ ਦਾ ਮਾਹੌਲ
ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੈਲਰਾਂ ਨੂੰ ਅਲਾਟਮੈਂਟ ਹੋ ਚੁੱਕੀ ਹੈ ਅਤੇ ਲਿਫਟਿੰਗ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਬੰਧੀ ਜ਼ਿਲ੍ਹਾ ਪੁਲਿਸ ਸਿਵਲ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਦਿੱਕਤ ਨਾ ਖੜ੍ਹੀ ਹੋਵੇ ਤੇ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ।