Punjab News: ਕਿਸੇ ਵੀ ਪਿੰਡ ਜਾਂ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ: ਅਮਨ ਅਰੋੜਾ
Punjab News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਇਹ ਅਪੀਲ ਕਰਦੇ ਹਨ ਕਿ ਉਹ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਣ ਵਾਲੀਆਂ ਗਰਾਂਟਾਂ ਦੇ ਸਦਉਪਯੋਗ ਨੂੰ ਯਕੀਨੀ ਬਣਾਉਣ।
Read Also : Haryana-Punjab Weather Alert: ਪੰਜਾਬ-ਹਰਿਆਣਾ ’ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਕਦੋਂ ਪਵੇਗਾ ਮੀਂਹ!
ਅਮਨ ਅਰੋੜਾ ਨੇ ਕਿਹਾ ਕਿ ਅੱਜ ਸੰਕੇਤਕ ਸ਼ੁਰੂਆਤ ਕੀਤੀ ਗਈ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ। ਉਹਨਾਂ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਬਾਖੂਬੀ ਨਿਭਾਉਣ ਦਾ ਸੱਦਾ ਦਿੱਤਾ। Punjab News
ਉਹਨਾਂ ਕਿਹਾ ਕਿ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਹਾਲੇ ਹੋਣਾ ਹੈ ਪਰ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਦਾ ਮਕਸਦ ਇਹ ਹੈ ਕਿ ਗ੍ਰਾਮ ਪੰਚਾਇਤਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਧੇਰੇ ਮਜਬੂਤ ਕੀਤਾ ਜਾਵੇ ਤਾਂ ਜੋ ਸਾਰੇ ਹੀ ਪੰਚ ਅਤੇ ਸਰਪੰਚ, ਇੱਕ ਵਧੀਆ ਟੀਮ ਵਜੋਂ ਕੰਮ ਕਰਦੇ ਹੋਏ ਪਿੰਡ ਨੂੰ ਹਰ ਪੱਖੋਂ ਸਰਵੋਤਮ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਪਿੰਡ ਬਿਗੜਵਾਲ, ਭਰੂਰ, ਸ਼ੇਰੋਂ, ਚੋਵਾਸ, ਘਾਸੀਵਾਲਾ, ਜਗਤਪੁਰਾ, ਸਿੰਘਪੁਰਾ, ਸ਼ਾਹਪੁਰਾ ਸ਼ਾਹਪੁਰ ਕਲਾਂ ਆਦਿ ਦੇ ਸਰਪੰਚ ਤੇ ਪੰਚ ਵੀ ਹਾਜ਼ਰ ਸਨ।