ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ Punjab Government
- ਆਮ ਲੋਕਾਂ ਨੂੰ ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਇਹ ਪਹਿਲਕਦਮੀ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
Punjab Government: (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।
ਇਹ ਵੀ ਪੜ੍ਹੋ: Kisan News: ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਪਿਛੇਤੀ ਬਿਜਾਈ ਤੋਂ ਲਾਭ…
ਇਸ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਇਸ ਤਹਿਤ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਜ਼ਰੀਏ ਜਾਣਕਾਰੀ ਪ੍ਰਾਪਤ ਹੋਵੇਗੀ ਅਤੇ ਉਹ ਵਟਸਐਪ ਰਾਹੀਂ ਆਪਣੀ ਸਿਫਾਰਸ਼ ਦੇ ਸਕਦੇ ਹਨ।
ਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ: ਅਮਨ ਅਰੋੜਾ
ਅਮਨ ਅਰੋੜਾ ਨੇ ਕਿਹਾ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ.ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ।
ਉਨਾਂ ਕਿਹਾ ਕਿ ਕੋਈ ਵੀ ਮੁਸ਼ਕਲ ਆਉਣ ‘ਤੇ ਉਹ ਸਹਾਇਤਾ ਲਈ ਡੀ.ਸੀ. ਦਫਤਰ, ਨਜ਼ਦੀਕੀ ਸੇਵਾ ਕੇਂਦਰ ’ਤੇ ਜਾ ਸਕਦੇ ਹਨ ਜਾਂ 1100 ’ਤੇ ਕਾਲ ਕਰ ਸਕਦੇ ਹਨ। Punjab Government
ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਦੇ ਸਕਦੇ ਹਨ ਅਰਜ਼ੀ
ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਡਿਜੀਟਲ ਪੰਜਾਬ ਸਿਰਜਣ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਏਗਾ, ਜਿਸ ਨਾਲ ਲੋਕ ਆਪਣੇ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਨਾਗਰਿਕ ਹੁਣ ਸੇਵਾ ਕੇਂਦਰ ’ਚ ਜਾ ਕੇ ਜਾਂ ਸਿਰਫ਼ ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਅਰਜ਼ੀ ਦੇ ਸਕਦੇ ਹਨ। ਸਰਟੀਫਿਕੇਟ ਸਿੱਧੇ ਉਨਾਂ ਦੇ ਫ਼ੋਨਾਂ ’ਤੇ ਐਸ.ਐਮ.ਐਸ. ਜਾਂ ਵਟਸਐਪ ਜ਼ਰੀਏ ਭੇਜ ਦਿੱਤੇ ਜਾਣਗੇ।