ਆਈਟੀਆਈ ਦੀ ਨੁਹਾਰ ਬਦਲਣ ਲਈ ਵੀ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ | Punjab CM
Punjab CM: (ਸੰਜੀਵ ਤਾਇਲ) ਬੁਢਲਾਡਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਇਸ ਤੋਂ ਇਲਾਵਾ ਉਹਨਾਂ ਆਈਟੀਆਈ ਦੀ ਇਮਾਰਤ ਦੀ ਹਾਲਤ ਦੇਖਦਿਆਂ ਤੁਰੰਤ ਜ਼ਿਲ੍ਹਾ ਅਧਿਕਾਰੀਆਂ ਨੂੰ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਹਨਾਂ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ ਹੋਈ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।
ਐੱਸਏਐੱਸ ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਮੰਤਵ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਵੀ ਬਹੁਤ ਫਾਇਦਾ ਹੋਵੇਗਾ। ਸੂਬਾ ਸਰਕਾਰ ਪੰਜਾਬ ਭਰ ਵਿੱਚ ਮੈਡੀਕਲ ਸਟਾਫ਼ ਖਾਸ ਕਰਕੇ ਡਾਕਟਰਾਂ, ਨਰਸਾਂ ਅਤੇ ਸੈਨੇਟਰੀ ਵਰਕਰਾਂ ਦੀ ਘਾਟ ਨੂੰ ਦੂਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ: Heroin: ਕਰੋੜਾਂ ਦੀ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲਣ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬੁਢਲਾਡਾ ਦੀ ਮਸ਼ਹੂਰ ਆਈਟੀਆਈ ਦੀ ਖ਼ਸਤਾ ਹਾਲਤ ਬਾਰੇ ਜਾਣ ਕੇ ਬਹੁਤ ਬੁਰਾ ਲੱਗਿਆ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਆਈਟੀਆਈ ਦੇ ਕਾਇਆ-ਕਲਪ ਵਾਸਤੇ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਹੈ। ਸੰਸਥਾ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਕੋਰਸ ਕਰਵਾਏ ਜਾਣ ਤਾਂ ਜੋ ਉਨ੍ਹਾਂ ਲਈ ਸਵੈ-ਰੋਜ਼ਗਾਰ ਦੇ ਰਾਹ ਖੁੱਲ੍ਹ ਸਕਣ। Punjab CM
ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ , ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਕੋ-ਆਪ੍ਰੇਟਿਵ ਬੈਂਕ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਮਾਰਕਿਟ ਕਮੇਟੀ ਬਰੇਟਾ ਚਮਕੌਰ ਸਿੰਘ, ਸੀਨੀਅਰ ਯੂਥ ਆਗੂ ਚੁਸ਼ਪਿੰਦਰ ਸਿੰਘ ਚਹਿਲ, ਪ੍ਰਧਾਨ ਨਗਰ ਕੌਂਸਲ ਬੁਢਲਾਡਾ ਸੁਖਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ