ਸਰਵਦਲੀ ਬੈਠਕ ‘ਚ ਕਿਹਾ, ਹੋਵੇ ਸਖ਼ਤ ਕਾਰਵਾਈ
ਨਵੀਂ ਦਿੱਲੀ: ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਐਤਵਾਰ ਨੂੰ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ। ਇਹ ਮੀਟਿੰਗ ਸੰਸਦ ਦੇ ਕਮੇਟੀ ਰੂਮ ਵਿੱਚ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਇਸ ਤੋਂ ਪਹਿਲਾਂ ਵੀ ਮੋਦੀ ਇਸ ਮਾਮਲੇ ਵਿੱਚ ਸਖ਼ਤ ਨਰਾਜ਼ਗੀ ਪ੍ਰਗਟ ਕਰ ਚੁੱਕੇ ਹਨ।
ਰਾਜ ਸਰਕਾਰਾਂ ਨੂੰ ਗੈਰ ਮਨੁੱਖੀ ਘਟਨਾਵਾਂ ਨੂੰ ਰੋਕਣ ਦੇ ਨਿਰਦੇਸ਼
ਪ੍ਰਧਾਨ ਮੰਤਰੀ ਨੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਤਰ੍ਹਾਂ ਦੀਆਂ ਗੈਰ ਮਨੁੱਖੀ ਘਟਨਾਵਾਂ ਨੂੰ ਰੋਕਣ ਲਈ ਹਰ ਸਖ਼ਤ ਕਦਮ ਚੁੱਕਣ। ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਪੂਰਬ ਉੱਤਰ ਭਾਰਤ ਵਿੱਚ ਆਏ ਹੜ੍ਹ ਦਾ ਵੀ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦੇ ਹੋਏ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦਾ ਨਾਂਅ ਲਏ ਬਿਨਾਂ ਉਨ੍ਹਾਂ ‘ਤੇ ਨਿਸ਼ਾਨਾ ਲਾਇਆ। ਉਨ੍ਹਾਂ ਹਦਾਇਤ ਕੀਤੀ ਕਿ ਭ੍ਰਿਸ਼ਟਾਚਾਰ ‘ਚ ਸ਼ਾਮਲ ਆਗੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨਾ ਠੀਕ ਨਹੀਂ ਹੈ ਅਤੇ ਇਸ ਦੇ ਖਿਲਾਫ਼ ਜ਼ੀਰੋ ਟੋਲਰੈਂਸ ਹੋਣਾ ਚਾਹੀਦਾ ਹੈ।
ਮਾਨਸੂਨ ਸੈਸ਼ਨ ‘ਚ ਕਾਂਗਰਸ ਕੇਂਦਰ ਨੂੰ ਘੇਰਨ ਦੀ ਤਿਆਰੀ ‘ਚ
ਬੈਠਕ ਖਤਮ ਹੋਣ ਤੋਂ ਬਾਅਦ ਕਾਂਗਰਸ ਨੇ ਕਈ ਮੁੱਦੇ ਚੁੱਕੇ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਕਸ਼ਮੀਰ ਅਤੇ ਦਾਰਜੀਲਿੰਗ ਵਿੱਚ ਚੱਲ ਰਹੀ ਹਿੰਸਾ ‘ਤੇ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਉਹ ਔਰਤਾਂ ਖਿਲਾਫ਼ ਕ੍ਰਾਈਮ, ਕੱਪੜਾ ਵਪਾਰੀਆਂ ਦੀ ਹੜਤਾ ਅਤੇ ਅਸਾਮ ਵਿੱਚ ਹੜ੍ਹ ਵਰਗੇ ਮੁੱਦਿਆਂ ਨੂੰ ਮਾਨਸੂਨ ਸੈਸ਼ਨ ‘ਚ ਉਠਾਉਣਗੇ।
ਇਸ ਮੌਕੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਇਸ ਬੈਠਕ ਵਿੱਚ ਸਿਆਸੀ ਪਾਰਟੀਆਂ ਨੂੰ ਲੋਕ ਸਭਾ ਦੇ ਕੰਮਕਾਜ ਨੂੰ ਠੀਕ ਢੰਗ ਨਾਲ ਚਲਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।