ਵਿਗੜ ਰਹੀ ਸਿਹਤ ਨੂੰ ਵੇਖਦਿਆਂ ਡਾਕਟਰਾਂ ਨੇ ਲਿਆ ਫੈਸਲਾ | Farmers Protest
- ਕਿਸਾਨਾਂ ਵੱਲੋਂ ਸਮੁੱਚੇ ਦੇਸ਼ ਵਿੱਚ 10 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਦਾ ਐਲਾਨ
(ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਖਨੌਰੀ ਬਾਰਡਰ ’ਤੇ ਪਿਛਲੇ 44 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ’ਤੇ ਪਾਬੰਦੀ ਲਾਈ ਗਈ ਡਾਕਟਰਾਂ ਨੇ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਹੈ ਹੁਣ ਉਨ੍ਹਾਂ ਨੂੰ ਕੋਈ ਵੀ ਵਿਅਕਤੀ ਮਿਲ ਜਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕਰ ਸਕੇਗਾ ਦੂਜੇ ਪਾਸੇ ਕਿਸਾਨਾਂ ਨੇ 10 ਜਨਵਰੀ ਨੂੰ ਸਮੁੱਚੇ ਦੇਸ਼ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Body Donation: ਮਾਤਾ ਚਰਨਜੀਤ ਕੌਰ ਇੰਸਾਂ ਬਣੇ ਸਰੀਰਦਾਨੀ
ਪ੍ਰੈਸ ਕਾਨਫਰੰਸ ਦੌਰਾਨ ਡੱਲੇਵਾਲ ਦੀ ਸਿਹਤ ਨਾਲ ਜੁੜੇ ਮੈਡੀਕਲ ਬੁਲੇਟਿਨ ਦੀ ਜਾਣਕਾਰੀ ਦਿੰਦਿਆਂ ਡਾ. ਕੁਲਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਡੱਲੇਵਾਲ ਦੀ ਡਿੱਗ ਰਹੀ ਸਿਹਤ ਦੇ ਮੱਦੇਨਜ਼ਰ ਕਿਸੇ ਨਾਲ ਗੱਲਬਾਤ ਕਰਨ ’ਤੇ ਮਿਲਣ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਡੀ ਸਮੱਸਿਆ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਵਿੱਚ ਉਤਰਾਅ ਚੜ੍ਹਾਅ ਆ ਰਿਹਾ ਹੈ। ਸਿੱਧਾ ਪੈਣ ਕਰਕੇ ਉਨ੍ਹਾਂ ਦੇ ਖੂਨ ਦਾ ਦਬਾਅ ਕਾਫ਼ੀ ਹੇਠਾਂ ਆ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੀਆਂ ਲੱਤਾਂ ਦੇ ਹੇਠਾਂ ਸਿਰਾਣੇ ਰੱਖੇ ਗਏ ਹਨ ਜਿਸ ਨਾਲ ਬਲੱਡ ਪ੍ਰੈਸ਼ਰ ਥੋੜ੍ਹਾ ਠੀਕ ਰਹਿੰਦਾ ਹੈ। ਉਨਾਂ ਕਿਹਾ ਕਿ ਡੱਲੇਵਾਲ ਨੂੰ ਮੈਡੀਕਲ ਏਡ ਦੀ ਤੁਰੰਤ ਲੋੜ ਹੈ ਉਨ੍ਹਾਂ ਦੇ ਸਰੀਰ ਵਿੱਚ ਸੋਡੀਅਮ ਦੀ ਵੱਡੀ ਘਾਟ ਹੋ ਗਈ ਹੈ। ਕੀਟੋਨ ਪਾਜ਼ਟਿਵ ਹੈ ਜਿਸ ਕਾਰਨ ਕਿਹਾ ਜਾ ਸਕਦਾ ਕਿ ਉਨ੍ਹਾਂ ਦੀ ਸਥਿਤੀ ਬਹੁਤ ਜ਼ਿਆਦਾ ਖਰਾਬ ਹੈ ਅਤੇ ਕਦੇ ਵੀ ਕੁਝ ਵੀ ਹੋ ਸਕਦਾ ਹੈ।
ਓਧਰ ਅੱਜ ਖਨੌਰੀ ਬਾਰਡਰ ਤੇ ਕਿਸਾਨ ਆਗੂਆਂ ਵੱਲੋਂ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਅਭਿਮੰਨਿਊ ਕੋਹਾੜ, ਕਾਕਾ ਸਿੰਘ ਕੋਟੜਾ ਤੇ ਹੋਰ ਆਗੂਆਂ ਨੇ ਕਿਹਾ ਕਿ ਲੋਕਤੰਤਰੀ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨਾਂ ਆਖਿਆ ਕਿ ਕਿਸਾਨੀ ਮੰਗਾਂ ਦੇ ਹੱਕ ਵਿੱਚ 10 ਜਨਵਰੀ ਨੂੰ ਸਮੁੱਚੇ ਦੇਸ਼ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਮਿਲ ਕੇ ਗਏ ਹਨ ਜਿਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਹੱਕ ਵਿੱਚ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਕਿਸਾਨਾਂ ਦੀ ਇਸ ਮੰਗ ਦਾ ਸਮੱਰਥਨ ਕਰਨਾ ਚਾਹੀਦਾ ਹੈ। Farmers Protest