ਪਿੰਡ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀ ਕੀਤੀ ਹਦਾਇਤ | Talwandi Bhai News
Talwandi Bhai News: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ/ਜ਼ੀਰਾ। ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਪਿੰਡ ਵਕੀਲਾਂ ਵਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਸਮੱਸਿਆਵਾਂ ਦੇ ਹੱਲ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਆਂਗਨਵਾੜੀ ਸੈਂਟਰ ਅਤੇ ਆਮ ਆਦਮੀ ਕਲੀਨਿਕ, ਖੇਡ ਸਟੇਡੀਅਮ, ਕੰਪੋਸਟ ਪਿੱਟ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਵੀ ਮੌਜੂਦ ਸਨ।
ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ | Talwandi Bhai News
ਡਿਪਟੀ ਕਮਿਸ਼ਨਰ ਨੇ ਪਿੰਡ ਵਕੀਲਾਂ ਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਦੌਰੇ ਦੌਰਾਨ ਕੰਪਿਊਟਰ ਲੈਬ, ਲਾਇਬ੍ਰੇਰੀ ਅਤੇ ਮਿਡ ਡੇ ਮੀਲ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸਕੂਲ ਵਿੱਚ ਮੁਹੱਈਆਂ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਮਿਡ ਡੇ ਮੀਲ ਦੀ ਗੁਣਵੱਤਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਇਸੇ ਸਕੂਲ ਵਿੱਚ ਡਿਪਟੀ ਕਮਿਸ਼ਨਰ ਨੇ ਮਿਲਣ ਆਏ ਪਿੰਡ ਵਾਸੀਆਂ ਦੀਆਂ ਇੱਕ-ਇੱਕ ਕਰਕੇ ਮੁਸ਼ਕਲਾਂ ਸੁਣੀਆਂ।
ਪਿੰਡ ਦੇ ਸਰਪੰਚ ਵੱਲੋਂ ਪਿੰਡ ਵਿੱਚ ਛੱਪੜ ਦੇ ਪਾਣੀ ਦੀ ਨਿਕਾਸੀ, ਅਨਾਜ ਮੰਡੀ ਉੱਚੀ ਕਰਾਉਣ, ਵਾਟਰ ਸਿਪਲਾਈ, ਖੇਡ ਗਰਾਊਂਡ, ਪਿੰਡ ਦੀਆਂ ਗਲੀਆਂ, ਸਟੇਡੀਅਮ ਦੇ ਕੰਮ ਨੂੰ ਪੂਰਾ ਕਰਵਾਉਣ ਆਦਿ ਸਬੰਧੀ ਸਮੱਸਿਆਵਾਂ ਰੱਖੀਆਂ ਜਿਸ ’ਤੇ ਫੌਰਨ ਕਾਰਵਾਈ ਅਮਲ ਵਿੱਚ ਲਿਆਂਉਦੇ ਹੋਏ ਉਨ੍ਹਾਂ ਨੇ ਡੀ.ਡੀ.ਪੀ.ਓ. ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਰਿਪੋਰਟ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। Talwandi Bhai News
ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਦਾ ਵੀ ਕੀਤਾ ਦੌਰਾ
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਦਾ ਵੀ ਦੌਰਾ ਕੀਤਾ ਅਤੇ ਉੱਥੇ ਹੋ ਰਹੇ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਵਕੀਲਾਂ ਵਾਲਾ ਪਿੰਡ ਦੇ ਆਮ ਆਦਮੀ ਕਲੀਨਿਕ ਦਾ ਦੌਰਾ ਵੀ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕਲੀਨਿਕ ਵਿੱਚ ਕਰਵਾਏ ਜਾਂਦੇ ਸਿਹਤ ਸਬੰਧੀ ਟੈਸਟਾਂ ਅਤੇ ਦਵਾਈਆਂ ਸਬੰਧੀ ਵੀ ਜਾਣਕਾਰੀ ਲੈਂਦੇ ਹੋਏ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਨੂੰ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਕਰਨ ਲਈ ਕਿਹਾ।
ਉਨ੍ਹਾਂ ਨੇ ਕਲੀਨਿਕ ਨੇੜੇ ਲਗਾਏ ਗਏ 550 ਰੁੱਖਾਂ ਦੇ ਬਗੀਚੇ ਦਾ ਵੀ ਨਿਰੀਖਣ ਕੀਤਾ ਅਤੇ ਪਿੰਡ ਦੀ ਪੰਚਾਇਤ ਅਤੇ ਸਬੰਧਤ ਅਧਿਕਾਰੀਆਂ ਨੂੰ ਰੁੱਖਾਂ ਦੀ ਸਾਂਭ-ਸੰਭਾਲ ਹੋਰ ਵਧੀਆਂ ਢੰਗ ਨਾਲ ਕਰਨ ਲਈ ਕਿਹਾ। ਇਸ ਉਪਰੰਤ ਉਨ੍ਹਾਂ ਪਿੰਡ ਦੇ ਜ਼ਮੀਨੀ ਰਿਕਾਰਡ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ-ਸਮੇਂ ’ਤੇ ਰਿਕਾਰਡ ਅਪਡੇਟ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਡੀ.ਡੀ.ਪੀ.ਓ. ਹਰਜਿੰਦਰ ਸਿੰਘ, ਡੀ.ਡੀ.ਐੱਫ. ਅਦਿੱਤੀ ਸ਼ਰਮਾ, ਸਕੂਲ ਪ੍ਰਿੰਸੀਪਲ ਵਿਸ਼ੇਸ਼ ਸਚਦੇਵਾ, ਸਰਪੰਚ ਸਿਮਰਨਜੀਤ ਕੌਰ, ਸੁਖਚੈਣ ਸਿੰਘ, ਮਹਿੰਦਰ ਸਿੰਘ ਫੌਜੀ, ਕਸ਼ਮੀਰ ਸਿੰਘ, ਕੁਲਵੰਤ ਸਿੰਘ ਭੁੱਲਰ, ਸੁਖਦੀਪ ਸਿੰਘ, ਹਰਪ੍ਰੀਤ ਸਿੰਘ ਰਟੋਲ, ਹਰਦੇਵ ਸਿੰਘ ਨੰਬਰਦਾਰ, ਜੋਰਾ ਸਿੰਘ ਆਦਿ ਤੋਂ ਇਲਾਵਾ ਸਕੂਲ ਦਾ ਸਟਾਫ ਅਤੇ ਪਿੰਡ ਵਾਸੀ ਮੌਜੂਦ ਸਨ।