![amirt Amritsar News](https://sachkahoonpunjabi.com/wp-content/uploads/2025/02/amirt-696x381.jpg)
ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ | Amritsar News
- ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
Amritsar News: (ਰਾਜਨ ਮਾਨ) ਅੰਮ੍ਰਿਤਸਰ। ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 179ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬੀਤੀ ਸ਼ਾਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਸਮਾਗਮ ਨੂੰ ਨੇਪਰੇ ਚਾੜ੍ਹਣ ਲਈ ਲਗਾ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਨੂੰ ਸ਼ਰਧਾ ਭੇਂਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਉਨਾਂ ਨੇ ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਫੌਜ ਅਤੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Weather: ਬਦਲਿਆ ਪੰਜਾਬ ਦੇ ਮੌਸਮ ਦਾ ਮਿਜ਼ਾਜ, ਜਾਣੋ ਆਉਣ ਵਾਲੇ ਦਿਨਾਂ ਲਈ ਪੂਰੀ ਅਪਡੇਟ
ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਨ, ਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਅਤੇ ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਵਿਸ਼ੇਸ ਮਹਿਮਾਨ ਜਨਰਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾ ਦੇ ਫੁੱਟ ਭੇਂਟ ਕਰਨਗੇ। ਉਨਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਸ਼ਹੀਦ ਨੂੰ ਸ਼ਰਧਾ ਭੇਂਟ ਕਰਨ।
![Amritsar News](https://sachkahoonpunjabi.com/wp-content/uploads/2025/02/amritsir.jpg)
ਇਸ ਸਬੰਧੀ ਅੱਜ ਐਸ:ਡੀ:ਐਮ ਅੰਮ੍ਰਿਤਸਰ-2 ਸ੍ਰ ਗੁਰਸਿਮਰਨਜੀਤ ਸਿੰਘ ਢਿੱ ਲੋਂ ਵਿਸ਼ੇਸ਼ ਤੌਰ ’ਤੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੰਡੀਆ ਗੇਟ ਵਿਖੇ ਪੁੱਜੇ। ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਸਮਾਰਕ ਇੰਡੀਆ ਗੇਟ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੇ ਸਾਰੇ ਪ੍ਰਬੰਧ ਕੱਲ ਸ਼ਾਮ ਤੱਕ ਮੁਕੰਮਲ ਹੋ ਜਾਣੇ ਚਾਹੀਦੇ ਹਨ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰੀ ਜੈ ਇੰਦਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਤੇਜਿੰਦਰ ਸਿੰਘ, ਤਹਿਸੀਲਦਾਰ ਜਗਸੀਰ ਸਿੰਘ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। Amritsar News