19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ’ਚ ਹਰ ਸਾਲ ਹੁੰਦੀਆਂ ਹਨ ਪ੍ਰਬੰਧਕੀ ਕਮੇਟੀ ਦੀਆਂ ਮੀਟਿੰਗਾਂ

Government School

ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ

  • ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ। ਪੰਜਾਬ ਦੇ ਸਕੂਲਾਂ ਦੀ ਪ੍ਰਸ਼ਾਸਨ ਪ੍ਰਣਾਲੀ ਵਿੱਚ ਲੋਕਤੰਤਰ ਹੋਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹਰ ਸਾਲ ਰਾਜ ਭਰ ਦੇ ਸਾਰੇ 19,110 ਸਰਕਾਰੀ ਸਕੂਲਾਂ ਵਿੱਚ ਮੈਗਾ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਦੀਆਂ ਮੀਟਿੰਗਾਂ ਕਰਵਾਈ ਜਾ ਰਹੀਆਂ ਹਨ, ਜਿਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਅਤੇ ਨੁਮਾਇੰਦਿਆਂ ਨੂੰ ਸਕੂਲਾਂ ਦੇ ਪ੍ਰਬੰਧਨ ਸਬੰਧੀ ਫੈਸਲੇ ਲੈਣ ਵਿੱਚ ਸਿੱਧੀ ਭੂਮਿਕਾ ਨਿਭਾਉਣ ਦਾ ਮੌਕਾ ਮਿਲਦਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਫਰਵਰੀ ਵਿੱਚ ਮੈਗਾ ਐਸ.ਐਮ.ਸੀ. ਮੀਟਿੰਗ ਸਕੂਲ ਕੈਂਪਸਾਂ ਵਿੱਚ ਸਫਾਈ ’ਤੇ ਕੇਂਦਿ੍ਰਤ ਸੀ। ਇਸ ਦੌਰਾਨ ਐਸ.ਐਮ.ਸੀ. ਮੈਂਬਰਾਂ ਅਤੇ ਮਾਪਿਆਂ ਨੇ ਸਫਾਈ ਦਾ ਮੁਲਾਂਕਣ ਕਰਨ, ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਅਤੇ ਸਥਾਨਕ ਹੱਲ ਸਾਂਝੇ ਕਰਨ ਲਈ ਆਪਣੇ-ਆਪਣੇ ਸਕੂਲਾਂ ਦੇ ਦੌਰੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਇੱਕ ਸਿਹਤਮੰਦ ਅਤੇ ਵਧੇਰੇ ਅਨੁਕੂਲ ਸਿੱਖਣ ਦਾ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸੁੰਦਰੀਕਰਨ ਦੇ ਯਤਨਾਂ ਅਤੇ ਲੰਬੇ ਸਮੇਂ ਲਈ ਰੱਖ-ਰਖਾਅ ਸਬੰਧੀ ਯੋਜਨਾਵਾਂ ’ਤੇ ਵੀ ਚਰਚਾ ਕੀਤੀ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਦੀ ਵਿਚਾਰ-ਚਰਚਾ ਦਾ ਕੇਂਦਰ “ਸਕੂਲ ਦਾ ਬਦਲਾਵ, ਐਸ.ਐਮ.ਸੀ. ਦੇ ਨਾਲ’’ ਸੀ। ਸਿੱਖਿਆ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਸਮੂਹਿਕ ਯਤਨਾਂ ਨਾਲ ਹੀ ਸੰਭਵ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਐਸ.ਐਮ.ਸੀ. ਮੈਂਬਰਾਂ ਨੇ ਸਕੂਲ ਦੇ ਬੁਨਿਆਦੀ ਢਾਂਚੇ, ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਤਰੱਕੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਚਰਚਾਵਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਵਿਚਾਰ-ਵਟਾਂਦਰਾ ਕੀਤਾ।

ਸ. ਹਰਜੋਤ ਸਿੰਘ ਬੈਂਸ ਨੇ ਇਸ ਮੀਟਿੰਗ ਨੂੰ ਸਫਲਤਾਪੂਰਵਕ ਕਰਵਾਉਣ ਲਈ ਸਕੂਲ ਮੁਖੀਆਂ ਅਤੇ ਸਟਾਫ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ ਦੀ ਸਰਬੋਤਮ ਸਿੱਖਿਆ ਪ੍ਰਣਾਲੀ ਬਣਾਉਣ ਦੀ ਵਚਨਬੱਧਤਾ ਨੂੰ ਦਹੁਰਾਇਆ।

ਇਸ ਦੌਰਾਨ, ਪੰਜਾਬ ਭਰ ਦੇ ਪੰਚਾਇਤ ਮੈਂਬਰਾਂ, ਜਿਲ੍ਹਾ ਅਧਿਕਾਰੀਆਂ ਅਤੇ ਵਿਭਾਗ ਦੇ ਨੁਮਾਇੰਦਿਆਂ ਨੇ ਮੀਟਿੰਗਾਂ ਵਿੱਚ ਸ਼ਾਮਲ ਹੋਣ ਅਤੇ ਜਮੀਨੀ ਪੱਧਰ ’ਤੇ ਭਾਗੀਦਾਰੀ ਦਾ ਮੁਲਾਂਕਣ ਕਰਨ ਲਈ ਸਕੂਲਾਂ ਦਾ ਦੌਰਾ ਕੀਤਾ। ਮੀਟਿੰਗ ਤੋਂ ਬਾਅਦ, ਸਕੂਲ ਆਫ ਐਮੀਨੈਂਸ, ਬਨੂੜ ਦੇ ਇੱਕ ਐਸ.ਐਮ.ਸੀ. ਮੈਂਬਰ ਨੇ ਕਿਹਾ, “ਅੱਜ ਦੀ ਵਿਚਾਰ-ਚਰਚਾ ਵਿੱਚ ਸਾਮਲ ਹੋਣ ਤੋਂ ਬਾਅਦ ਮੈਨੂੰ ਅਹਿਸਾਸ ਹੋਇਆ ਕਿ ਮਾਪਿਆਂ ਵਜੋਂ, ਸਾਡੇ ਕੋਲ ਆਪਣੇ ਬੱਚਿਆਂ ਦੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਸਮਰੱਥਾ ਹੈ। ਅਜਿਹੀਆਂ ਪਹਿਲਕਦਮੀਆਂ ਸ਼ੁਰੂ ਕਰਨਾ ਉਤਸ਼ਾਹਜਨਕ ਹੈ ਜੋ ਸਿੱਧੇ ਤੌਰ ‘ਤੇ ਸਾਡੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦੀਆਂ ਹਨ।

LEAVE A REPLY

Please enter your comment!
Please enter your name here