Yudh Nashe Virudh: ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ, ਆਈਜੀ, ਐਸਐਸਪੀ ਨੇ ਕੀਤੀ ਅਗਵਾਈ
- ਮੁਹਿੰਮ ਦੌਰਾਨ 2 ਪੁਲਿਸ ਕਪਤਾਨਾਂ, 4 ਡੀਐਸਪੀ ਅਤੇ 13 ਐਸਐਚਓ ਸਮੇਤ ਪੁਲਿਸ ਪਾਰਟੀਆਂ ਵੱਲੋਂ ਦਰਜਨਾਂ ਥਾਵਾਂ ’ਤੇ ਮਾੜੇ ਅਨਸਰਾਂ ਦੀ ਚੈਕਿੰਗ
Yudh Nashe Virudh: ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ’ਤੇ ਇੱਕ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੀ ਨਿਗਰਾਨੀ ਲਈ ਸ੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਆਈਜੀ ਜੀਆਰਪੀ ਪਟਿਆਲਾ ਵਿਸ਼ੇਸ਼ ਤੌਰ ’ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹੁੰਚੇ। ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ 2 ਐਸਪੀ, 4 ਡੀਐਸਪੀ ਅਤੇ 13 ਥਾਣਾ ਮੁਖੀਆਂ ਨੇ ਵੱਡੀ ਪੁਲਿਸ ਫੋਰਸ ਨਾਲ ਜ਼ਿਲ੍ਹੇ ਵਿੱਚ ਦਰਜਨਾਂ ਥਾਵਾਂ ’ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ।
ਨਸ਼ਿਆ ਖਿਲਾਫ ਫੈਸਲਾਕੁੰਨ ਲੜਾਈ ਆਰੰਭ: ਆਈਜੀ ਬਲਜੋਤ ਸਿੰਘ ਰਾਠੌੜ
ਇਸ ਦੌਰਾਨ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੋੜ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਫਾਜ਼ਿਲਕਾ ਅਤੇ ਜਲਾਲਾਬਾਦ ਇਲਾਕੇ ਵਿੱਚ ਚੱਲ ਰਹੀ ਇਸ ਮੁਹਿੰਮ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਇੱਕ ਫੈਸਲਾ-ਕੁੰਨ ਲੜਾਈ ਵਿੱਢੀ ਗਈ ਹੈ ਅਤੇ ਪੰਜਾਬ ਪੁਲਿਸ ਇਹ ਯਕੀਨੀ ਬਣਾਏਗੀ ਕਿ ਨਸ਼ੇ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨਾਂ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਮਾੜੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ: ਐਸਐਸਪੀ ਵਰਿੰਦਰ ਸਿੰਘ ਬਰਾੜ
ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਵਿਆਪਕ ਅਭਿਆਨ ਵਿਢਿੱਆ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਨਸ਼ਾ ਤਸਕਰ ਜ਼ਿਲ੍ਹੇ ਵਿੱਚ ਨਾ ਰਹੇ।
ਨਸ਼ੇ ਤੋਂ ਪੀੜਤ ਲੋਕ ਇਲਾਜ ਕਰਵਾਉਣ | Yudh Nashe Virudh
ਇਸ ਮੌਕੇ ਗੱਲਬਾਤ ਕਰਦਿਆਂ ਆਈਜੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲੱਤ ਤੋਂ ਪੀੜਿਤ ਹੈ ਅਤੇ ਨਸ਼ਾ ਕਰਦਾ ਹੈ ਤਾਂ ਉਹ ਨਸ਼ਾ ਮੁਕਤੀ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਏ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਵੀ ਗੁਪਤ ਰੱਖੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਏਗਾ ਕਿ ਨਸ਼ੇ ਦੀ ਕਿਧਰੋਂ ਵੀ ਸਪਲਾਈ ਨਾ ਹੋਵੇ, ਇਸ ਲਈ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਹ ਛੇਤੀ ਤੋਂ ਛੇਤੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਹੁੰਚ ਕੇ ਆਪਣਾ ਨਸ਼ਾ ਛੱਡਣ ਦਾ ਇਲਾਜ ਕਰਵਾ ਲਵੇ।
ਐਸਐਸਪੀ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਵਿਚ ਜੁੜਨ ਦਾ ਸੱਦਾ
ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਯੁੱਧ ਵਿਚ ਲੋਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਲੋਕ ਬੇਝਿਜਕ ਉਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਆਪਣੇ ਬੱਚਿਆਂ ਦੀ ਸਖ਼ਸੀਅਤ ਉਸਾਰੀ ਲਈ ਲਗਾਤਾਰ ਉਨ੍ਹਾਂ ਨੂੰ ਚੰਗੇ ਲਈ ਪ੍ਰੇਰਿਤ ਕਰਦੇ ਰਹਿਣ ਤਾਂ ਜੋ ਸਾਡੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿਚ ਜਾਣ ਤੋਂ ਰੋਕਿਆ ਜਾ ਸਕੇ।
ਇਹ ਵੀ ਰਹੇ ਹਾਜ਼ਰ | Yudh Nashe Virudh
ਯੁੱਧ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੌਰਾਨ ਫਾਜ਼ਿਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਤੋਂ ਇਲਾਵਾ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ ਅਤੇ ਐਸਪੀ ਸ੍ਰੀ ਕਰਨਵੀਰ ਸਿੰਘ, ਡੀਐਸਪੀ ਸ੍ਰੀ ਜਤਿੰਦਰ ਸਿੰਘ, ਤਰਸੇਮ ਮਸ਼ੀਹ, ਸਖਵਿੰਦਰ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੇ ਇੰਨ੍ਹਾਂ ਟੀਮਾਂ ਦੀ ਅਗਵਾਈ ਕੀਤੀ। Yudh Nashe Virudh