ਸੰਗਠਿਤ ਅਪਰਾਧ ਤੇ ਨਸ਼ਿਆਂ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ
- ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ
ਚੰਡੀਗੜ੍ਹ। ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਿਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਸਖਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਪੁਲਿਸ ਦੇ ਆਧੁਨਿਕੀਕਰਨ ’ਤੇ ਜ਼ੋਰ ਦਿੱਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਅੱਜ ਵਿਸਵ ਪੱਧਰੀ ਵਾਹਨਾਂ ਨਾਲ ਲੈਸ ਹੋ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਅਤੇ ਇਸ ਅਪਰਾਧ ਵਿੱਚ ਸਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਖੂਫੀਆ ਇਤਲਾਹ ਇਕੱਠੀ ਕਰਨ ਅਤੇ ਆਮ ਆਦਮੀ ਨੂੰ ਇਨਸਾਫ ਦਿਵਾਉਣ ’ਤੇ ਵੱਧ ਜ਼ੋਰ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਚਾਹੀਦਾ ਹੈ ਅਤੇ ਇਸ ਉਦੇਸ਼ ਲਈ ਪੰਚਾਇਤਾਂ ਨੂੰ ਉਤਸਾਹਿਤ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਹੋਰ ਸਖਤੀ ਨਾਲ ਤੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਤਰੇ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰੋਜਾਨਾ ਨਸ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕੂਲ ਅਤੇ ਕਾਲਜ ਪੱਧਰ ‘ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕਰਨ ਲਈ ਢੁਕਵੀਂ ਰਣਨੀਤੀ ਬਣਾਈ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਾਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਫੈਸਲਾਕੁੰਨ ਲੜਾਈ ਲੜਨੀ ਚਾਹੀਦੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸਾ ਤਸਕਰਾਂ ਦੀਆਂ ਜਾਇਦਾਦਾਂ ਤੁਰੰਤ ਜਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਵੱਡੇ ਅਪਰਾਧ ਵਿੱਚ ਸਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਦਾ ਸਫਾਇਆ ਕਰਨ ਲਈ ਦਿ੍ਰੜ੍ਹ ਵਚਨਬੱਧ ਹੈ ਅਤੇ ਗੈਂਗਸਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਰੜੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਕਰਨ ਵਾਲਿਆਂ ਨੂੰ ਸਿਰ ਚੁੱਕਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਵਿੱਚ ਛੋਟੇ-ਮੋਟੇ ਅਪਰਾਧਾਂ ਨੂੰ ਰੋਕਣ ਲਈ ਪੂਰਾ ਖਾਕਾ ਤਿਆਰ ਕੀਤਾ ਜਾਵੇ।