ਰਾਤ ਨੂੰ ਘਰਾਂ ’ਚੋਂ ਚੁੱਕੇ ਕਿਸਾਨ | Bathinda News
Bathinda News: ਬਠਿੰਡਾ/ਮਾਨਸਾ (ਸੁਖਜੀਤ ਮਾਨ)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਦੇ ਸੰਬੰਧ ’ਚ 5 ਮਾਰਚ ਨੂੰ ਚੰਡੀਗੜ੍ਹ ’ਚ ਲਾਏ ਜਾਣ ਵਾਲੇ ਧਰਨੇ ਨੂੰ ਅਸਫਲ ਕਰਨ ਲਈ ਪੁਲਿਸ ਪੱਬਾਂ ਭਾਰ ਹੋ ਗਈ ਹੈ। ਕਿਸਾਨਾਂ ’ਚ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਦੌਰਾਨ ਬਣੇ ਮਾਹੌਲ ਤੋਂ ਬਾਅਦ ਸੰਘਰਸ਼ ਨੂੰ ਲੈ ਕੇ ਹੋਰ ਜੋਸ਼ ਪਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਬਠਿੰਡਾ ਤੇ ਮਾਨਸਾ ਜ਼ਿਲ੍ਹੇ ’ਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਰਾਤ ਵੇਲੇ ਹੀ ਘਰਾਂ ’ਚੋਂ ਚੁੱਕ ਲਿਆ ਗਿਆ।
ਇਹ ਖਬਰ ਵੀ ਪੜ੍ਹੋ : Weather Shimla: ਹਿਮਾਚਲ ’ਚ ਬਰਫਬਾਰੀ
ਵੇਰਵਿਆਂ ਮੁਤਾਬਿਕ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਦੇ ਸਬੰਧ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ 5 ਮਾਰਚ ਤੋਂ ਸੰਘਰਸ਼ ਸ਼ੁਰੂ ਕਰਨਾ ਹੈ। ਇਸ ਸੰਘਰਸ਼ ਤੋਂ ਪਹਿਲਾਂ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਸੀ। ਜਥੇਬੰਦੀਆਂ ਤੇ ਮੁੱਖ ਮੰਤਰੀ ਦਰਮਿਆਨ ਮੀਟਿੰਗ ਦੇ ਅੱਧ ਵਿਚਕਾਰੋਂ ਮੁੱਖ ਮੰਤਰੀ ਦੇ ਚਲੇ ਜਾਣ ਕਰਕੇ ਕਿਸਾਨਾਂ ’ਚ ਸੰਘਰਸ਼ ਨੂੰ ਲੈ ਕੇ ਜੋਸ਼ ਤੇ ਗੁੱਸਾ ਵਧ ਗਿਆ ਹੈ। ਕਿਸਾਨਾਂ ਦੇ ਇਸ ਜੋਸ਼ ਨੂੰ ਵੇਖਦਿਆਂ ਪੁਲਿਸ ਨੇ ਧਰਨੇ ਤੋਂ ਇੱਕ ਦਿਨ ਪਹਿਲਾਂ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
.ਇਸ ਤਹਿਤ ਬੀਤੀ ਰਾਤ ਜ਼ਿਲ੍ਹਾ ਬਠਿੰਡਾ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਲੱਖੋਵਾਲ ਦੇ ਆਗੂ ਸਰੂਪ ਸਿੰਘ ਸਿੱਧੂ ਤੇ ਜਿਲ੍ਹਾ ਮਾਨਸਾ ’ਚ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਸਮੇਤ ਹੋਰ ਕਈ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਪਣਾਇਆ ਜਾ ਰਿਹਾ ਇਹ ਵਤੀਰਾ ਨਿੰਦਣ ਯੋਗ ਹੈ। Bathinda News
ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਹਰਨੇਕ ਸਿੰਘ ਆਲੀਕੇ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ ਸਮੇਤ ਹੋਰ ਕਈ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨਾਂ ਪੰਜਾਬ ਸਰਕਾਰ ਤੇ ਪੁਲਿਸ ਦੇ ਇਸ ਰਵਈਏ ਦੀ ਸਖਤ ਸ਼ਬਦਾਂ ’ਚ ਨਿੰਦਿਆ ਕੀਤੀ ਹੈ। Bathinda News