ਮਾਲੇਰਕੋਟਲਾ ਵਿਖੇ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

Malerkotla News
ਮਾਲੇਰਕੋਟਲਾ ਵਿਖੇ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ | Malerkotla News

ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ’ਚ ਫਸ ਗਏ ਹਨ। ਉਹਨਾਂ ਦਾ ਇਲਾਜ਼ ਕਰਵਾ ਕੇ ਉਹਨਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਪ੍ਰਾਹੁਣਾਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। Malerkotla News

ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ।

ਇਹ ਖਬਰ ਵੀ ਪੜ੍ਹੋ : ਪਵਨਦੀਪ ਕੌਰ ਮਾਨ ਵੱਲੋਂ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ’ਤੇ ਪੰਜਾਬ ਦੇਸ਼ ਭਰ ’ਚੋਂ ਦੂਜੇ ਨੰਬਰ ’ਤੇ

ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ’ਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ

ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ। ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਸ਼ਹਿਰੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਵਾਉਣ ਲਈ ਕਿਹਾ। ਉਹਨਾਂ ਕਿਹਾ ਕਿ ਇਸ ਕੰਮ ਲਈ ਸੀ ਐੱਸ ਆਰ ਫੰਡਜ਼ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਹਨਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਤੋਂ ਹੁਣ ਤੱਕ ਮੈਡੀਕਲ ਸਟੋਰਾਂ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਅਤੇ ਕਿਹਾ ਕਿ ਕਾਲੀਆਂ ਭੇਡਾਂ ਦੀ ਪਛਾਣ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਵਾਉਨ ਬਾਰੇ ਵੀ ਹਦਾਇਤ ਕੀਤੀ ਗਈ। ਉਹਨਾਂ ਪੰਚਾਇਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ। 176 ਪਿੰਡਾਂ ਦੇ ਸਰਪੰਚਾਂ ਪੰਚਾਂ ਨੂੰ ਨਾਲ ਤੋਰਨ ਦੀ ਹਦਾਇਤ ਕੀਤੀ ਗਈ। ਉਹਨਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ। ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਹਰੇਕ ਸਕੂਲ ਦੇ ਬਾਹਰ ਜਾਗਰੂਕਤਾ ਬੋਰਡ ਲਗਾਉਣ। ਸਾਰੀਆਂ ਜਨਤਕ ਥਾਵਾਂ ਉੱਤੇ ਜਾਗਰੂਕਤਾ ਬੋਰਡ ਲਗਾਏ ਜਾਣ।

ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫ਼ਲ ਕੀਤਾ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਪਿਛਲੇ ਦਿਨਾਂ ਦੌਰਾਨ 18 ਮਾਮਲਿਆਂ ਨਾਲ ਸਬੰਧਤ ਕਥਿਤ ਦੋਸ਼ੀਆਂ ਦੀ 13.3 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਸ੍ਰ ਸੁਖਪ੍ਰੀਤ ਸਿੰਘ ਸਿੱਧੂ ਤੇ ਨਵਦੀਪ ਕੌਰ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ। Malerkotla News

LEAVE A REPLY

Please enter your comment!
Please enter your name here