ਨਸ਼ਾ ਤਸਕਰਾਂ ਦੀ ਹੁਣ ਨਹੀਂ ਖੈਰ, ਪੰਜਾਬ ਨੂੰ ਛੱਡ ਕੇ ਭੱਜ ਜਾਣ : ਭਗਵੰਤ ਸਿੰਘ ਮਾਨ

Chief Minister

ਚੰਡੀਗੜ੍ਹ। ਨਸ਼ਾ ਵਪਾਰੀ ਅਤੇ ਨਸ਼ਾ ਤਸਕਰ ਹੁਣ ਪੰਜਾਬ ਨੂੰ ਛੱਡ ਕੇ ਭੱਜ ਜਾਣ ਕਿਉਂਕਿ ਹੁਣ ਉਨ੍ਹਾਂ ਨੂੰ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਚਲਾਉਣ ਹੀ ਨਹੀਂ ਦਿੱਤਾ ਜਾਏਗਾ। ਇਸ ਲਈ ਅਗਾਮੀ ਦਿਨਾਂ ਦੌਰਾਨ ਨਸ਼ਾ ਤਸਕਰ ਪੰਜਾਬ ਤੋਂ ਬਾਹਰ ਹੋਣਗੇ ਜਾਂ ਫਿਰ ਜੇਲ੍ਹਾਂ ਵਿੱਚ ਡੱਕ ਦਿੱਤੇ ਜਾਣਗੇ। ਇਹ ਚਿਤਾਵਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਸ਼ਾ ਤਸਕਰਾਂ ਨੂੰ ਦਿੱਤੀ ਗਈ ਹੈ।

ਇਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਜਿਹੜੇ ਵੀ ਕੋਨੇ ਵਿੱਚ ਨਸ਼ਾ ਤਸਕਰ ਉਨ੍ਹਾਂ ਨੂੰ ਦਿਖਾਈ ਦੇਵੇ ਤਾਂ ਉਹ ਪੰਜਾਬ ਸਰਕਾਰ ਦੇ ਟੋਲ ਫ੍ਰੀ ਨੰਬਰ 9779100200 ’ਤੇ ਕਾਲ ਕਰਕੇ ਤੁਰੰਤ ਜਾਣਕਾਰੀ ਦੇਣ ਤਾਂਕਿ ਉਨ੍ਹਾਂ ਨਸ਼ਾ ਤਸਕਰਾਂ ਨੂੰ ਮੌਕੇ ‘ਤੇ ਹੀ ਫੜ ਲਿਆ ਜਾਵੇ। ਇਹ ਨਸ਼ੇ ਖ਼ਿਲਾਫ਼ ਟੋਲ ਫ੍ਰੀ ਨੰਬਰ ਵਟਸਐਪ ਤੇ ਚੈਟਬਾਟ ’ਤੇ ਵੀ ਚਲਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਜਨਤਾ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਦਿੰਦੀ ਹੈ ਤਾਂ ਉਸ ਸਮਾਂ ਜਿਆਦਾ ਦੂਰ ਨਹੀਂ ਹੈ, ਜਦੋਂ ਨਸ਼ੇ ਨੂੰ ਪੰਜਾਬ ਵਿੱਚੋਂ ਖ਼ਤਮ ਕਰ ਦਿੱਤਾ ਜਾਏਗਾ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਨ੍ਹਾਂ ਦਾ ਇਲਾਜ ਕਰਵਾ ਕੇ ਉਹਨਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨਸ਼ੇ ਕਰਦੇ ਹਨ ਉਹਨਾਂ ਨਾਲ ਸਰਕਾਰ ਹਮਦਰਦੀ ਵਾਲਾ ਵਤੀਰਾ ਰੱਖ ਰਹੀ ਹੈ। ਹਮਦਰਦੀ ਰੱਖ ਕੇ ਹੀ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਭ ਤੋਂ ਪਹਿਲਾਂ ਜਿਹੜੇ ਟੀਕਾ ਲਗਾਉਂਦੇ ਹਨ ਉਹਨਾਂ ਨੂੰ ਗੋਲੀਆਂ ਉਪਰ ਪਾਵਾਂਗੇ ਤਾਂ ਕਿ ਓਵਰਡੋਜ ਨਾਲ ਹੁੰਦੀਆਂ ਮੌਤਾਂ ਬੰਦ ਹੋ ਜਾਣ, ਦੂਸਰੇ ਨੰਬਰ ਉਪਰ ਉਹਨਾਂ ਦੀਆਂ ਗੋਲੀਆਂ ਵੀ ਛਡਾਵਾਂਗੇ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਾਂਗੇ ਉਹਨਾਂ ਨੂੰ ਨੌਕਰੀ ਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਪਹਿਲਾਂ ਚਿੱਟੇ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਪੰਜਾਬ ਸਰਕਾਰ ਦੀ ਇਸ ਯੁੱਧ ਨਸ਼ੇ ਵਿਰੁੱਧ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ ਕਿ ਉਨ੍ਹਾਂ ਦੇ ਪੁੱਤਰਾਂ, ਭਰਾਵਾਂ ਆਦਿ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਮਸਲੇ ਨੂੰ ਸੂਬਾ ਵਾਸੀਆਂ ਨੂੰ ਇੱਕ ਜੱੁਟ ਹੋ ਕੇ ਹੱਲ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here