ਸੁਖਬੀਰ ਦੇ ਇਹ ਦਾਅ-ਪੇਚ ਨਹੀਂ ਕੀਤੇ ਜਾਣਗੇ ਬਰਦਾਸ਼ਤ
ਸੱਚ ਕਹੂੰ ਨਿਊਜ਼, ਚੰਡੀਗੜ੍ਹ: ਅਫਸਰਸ਼ਾਹਾਂ ਤੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਬਾਅ ਬਣਾਉਣ ਵਾਲੇ ਇਸ ਤਰ੍ਹਾਂ ਦੇ ਦਾਅ-ਪੇਚਾਂ ਨੂੰ ਸਹਿਣ ਨਹੀਂ ਕਰੇਗੀ ਤੇ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਕਾਂਗਰਸ ਆਗੂਆਂ ਦੇ ਕਹਿਣ ‘ਤੇ ਕਥਿਤ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਨ ਦਾ ਦਾਅਵਾ ਕਰਦੇ ਹੋਏ ਸੁਖਬੀਰ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਧਮਕੀਆਂ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਦਲਾਖੋਰੀ ਵਾਲੀਆਂ ਕਾਰਵਾਈਆਂ ‘ਚ ਵਿਸ਼ਵਾਸ ਨਹੀਂ ਰੱਖਦੀ ਤੇ ਹਰੇਕ ਮਾਮਲੇ ‘ਚ ਜਮਹੂਰੀ ਨਿਯਮਾਂ ‘ਤੇ ਚੱਲਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੇ ਭੜਕਾਊ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਸੂਬੇ ਦੀ ਸ਼ਾਂਤੀ ਤੇ ਸਥਿਰਤਾ ਨੂੰ ਭੰਗ ਕਰ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਹਰੇਕ ਉਸ ਵਿਅਕਤੀ ਜਾਂ ਸੰਸਥਾ ਵਿਰੁੱਧ ਤਿੱਖੀ ਕਾਰਵਾਈ ਕਰੇਗੀ ਜੋ ਗੈਰ-ਕਾਨੂੰਨੀ ਕਾਰਵਾਈਆਂ ‘ਚ ਲਿਪਤ ਹੋਵੇਗਾ।
ਹੁਣ ਦਿੱਤੀ ਧਮਕੀ ਤਾਂ ਹੋਵੇਗੀ ਕਾਰਵਾਈ
ਅਕਾਲੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਸਬੰਧੀ ਆਪਣੀ ਸਰਕਾਰ ਜਾਂ ਆਪਣੇ ਅਧਿਕਾਰੀਆਂ ‘ਤੇ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਤਾਂ ਬਾਦਲ ਸਰਕਾਰ ਕਰਦੀ ਸੀ ਜੋ ਕਿ ਝੂਠੇ ਤੇ ਆਧਾਰਹੀਣ ਕੇਸ ਦਰਜ ਕਰਨ ‘ਚ ਵਿਸ਼ਵਾਸ ਰੱਖਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਮਿਸ਼ਨ ਦਾ ਗਠਨ ਕਰਕੇ ਸਾਰੇ ਕੇਸਾਂ ਦੀ ਜਾਂਚ ਕਰਵਾ ਰਹੀ ਹੈ ਤਾਂ ਜੋ ਬੇਗੁਨਾਹ ਵਿਅਕਤੀਆਂ ਨੂੰ ਨਿਆਂ ਯਕੀਨੀ ਬਣਾਇਆ ਜਾ ਸਕੇ ਤੇ ਦੋਸ਼ੀਆਂ ਨੂੰ ਕਾਨੂੰਨਾਂ ਹੇਠ ਸਜ਼ਾ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਕੋਲ ਅਕਾਲੀ ਆਗੂਆਂ ਤੇ ਵਰਕਰਾਂ ਵਿਰੁੱਧ ਕਈ ਸਬੂਤ ਹਨ ਪਰ ਉਨ੍ਹਾਂ ਦੀ ਸਰਕਾਰ ਜਾਂਚ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕਰੇਗੀ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਦੀ ਅਖੌਤੀ ‘ਜਬਰ ਵਿਰੋਧੀ ਲਹਿਰ’ ਦੀ ਵੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਜਬਰ ਕਰਨਾ ਬਾਦਲ ਸਰਕਾਰ ਦੀ ਕਾਰਜ ਪ੍ਰਣਾਲੀ ਦਾ ਹਿੱਸਾ ਸੀ ਤੇ ਕਾਂਗਰਸ ਹਮੇਸ਼ਾ ਹੀ ਜਮਹੂਰੀ ਸਿਧਾਂਤਾਂ ਤੇ ਕਾਨੂੰਨਾਂ ਨੂੰ ਸਖ਼ਤੀ ਨਾਲ ਬਣਾਈ ਰੱਖਣ ‘ਚ ਵਿਸ਼ਵਾਸ ਰੱਖਦੀ ਹੈ।ਮੁੱਖ ਮੰਤਰੀ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਬਿਨਾ ਕਿਸੇ ਭੈਅ ਤੋਂ ਆਪਣਾ ਕੰਮਕਾਜ ਕਰਨ ਦੇ ਨਿਰਦੇਸ਼ ਦਿੱਤੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।