Budget Session Punjab: ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਪ੍ਰਸ਼ਨਕਾਲ ਦੌਰਾਨ ਸਵਾਲ ਪੁੱਛੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਜਿਸ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਚੌਥਾ ਬਜਟ ਪੇਸ਼ ਕਰੇਗੀ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਸਦਨ ਵਿੱਚ ਉਹ ਕਿਸਾਨਾਂ ਦੇ ਮੁੱਦੇ ਚੁੱਕਣਗੇ।
ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਭਾਸ਼ਣ ਦਿੱਤਾ ਗਿਆ ਅਤੇ ਭਾਸ਼ਣ ਤੋਂ ਬਾਅਦ ਵਿਧਾਨ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਅੱਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨਕ ਕੰਮ ਕੀਤਾ ਗਿਆ ਅਤੇ ਉਸ ਤੋਂ ਬਾਅਦ ਸਦਨ ਦੀ ਬੈਠਕ ਨੂੰ ਅੱਜ ਸੋਮਵਾਰ ਤੱਕ ਮੁਅੱਤਲ ਕਰ ਦਿੱਤਾ ਗਿਆ ਸੀ। Budget Session Punjab
ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ’ਤੇ ਬਹਿਸ | Budget Session Punjab
ਅੱਜ ਸੋਮਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਨ ’ਤੇ ਬਹਿਸ ਹੋ ਰਹੀ ਹੈ ਅਤੇ ਅੱਜ ਹੀ ਬਹਿਸ ਨੂੰ ਪੂਰਾ ਕੀਤਾ ਜਾਵੇਗਾ। ਅੱਜ ਸੋਮਵਾਰ ਨੂੰ ਹੀ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਸੰਬੋਧਨ ਕੀਤਾ ਜਾਵੇਗਾ। ਭਲਕੇ ਮੰਗਲਵਾਰ 25 ਮਾਰਚ ਨੂੰ ਵਿਧਾਨਕ ਕੰਮਕਾਜ ਦੇ ਨਾਲ ਹੀ ਖ਼ਜ਼ਾਨਾ ਮੰਤਰੀ ਵੱਲੋਂ ਵਿੱਤ ਸਾਲ 2023-24 ਦੀ ਗ੍ਰਾਂਟ ਨੂੰ ਪਾਸ ਕਰਵਾਇਆ ਜਾਵੇਗਾ।
26 ਮਾਰਚ ਨੂੰ ਵਿਧਾਨ ਸਭਾ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ ਅਤੇ 27 ਮਾਰਚ ਨੂੰ ਬਜਟ ਨੂੰ ਪਾਸ ਕੀਤਾ ਜਾਵੇਗਾ, ਜਦੋਂ ਕਿ 28 ਮਾਰਚ ਨੂੰ ਵਿਧਾਨਕ ਕੰਮਕਾਜ ਕਰਦੇ ਹੋਏ ਸਦਨ ਨੂੰ ਅਣਮਿੱਥੇ ਲਈ ਮੁਅੱਤਲ ਕਰ ਦਿੱਤਾ ਜਾਏਗਾ।