Punjab Budget Session: ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਇਤਹਾਸਕ ਯਾਦਗਾਰਾਂ ਦੀ ਸਾਂਭ-ਸੰਭਾਲ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਦੇ ਮੱਦੇਨਜ਼ਰ ਬਠਿੰਡਾ ਦੀਆਂ ਝੀਲਾਂ ’ਤੇ ਫੂਡ ਹੱਬ ਬਣਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਮੰਤਰੀ ਨੇ ਕਿਹਾ ਕਿ ਇਸ ਦਾ ਡੀ. ਸੀ. ਪੱਧਰ ’ਤੇ ਪੂਰਾ ਪ੍ਰਪੋਜ਼ਲ ਬਣਾ ਕੇ ਵਿਭਾਗ ਨੂੰ ਭੇਜਿਆ ਜਾਵੇ ਅਤੇ ਜਦੋਂ ਵਿਭਾਗ ਕੋਲ ਇਹ ਪ੍ਰਪੋਜ਼ਲ ਆ ਜਾਵੇਗਾ ਤਾਂ ਇਸ ’ਤੇ ਕੋਈ ਨਾ ਕੋਈ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਬਜ਼ਟ ਸੈਸ਼ਨ ਦਾ ਦੂਜਾ ਦਿਨ | Punjab Budget Session
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਵਿਧਾਨ ਸਭਾ ਵਿੱਚ ਸਭ ਤੋਂ ਪਹਿਲਾਂ ਪ੍ਰਸ਼ਨਕਾਲ ਚੱਲ ਰਿਹਾ ਹੈ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਜਿਸ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਚੌਥਾ ਬਜਟ ਪੇਸ਼ ਕਰੇਗੀ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਸਦਨ ਵਿੱਚ ਉਹ ਕਿਸਾਨਾਂ ਦੇ ਮੁੱਦੇ ਚੁੱਕਣਗੇ। Punjab Budget Session
ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਭਾਸ਼ਣ ਦਿੱਤਾ ਗਿਆ ਅਤੇ ਭਾਸ਼ਣ ਤੋਂ ਬਾਅਦ ਵਿਧਾਨ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਅੱਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨਕ ਕੰਮ ਕੀਤਾ ਗਿਆ ਅਤੇ ਉਸ ਤੋਂ ਬਾਅਦ ਸਦਨ ਦੀ ਬੈਠਕ ਨੂੰ ਅੱਜ ਸੋਮਵਾਰ ਤੱਕ ਮੁਅੱਤਲ ਕਰ ਦਿੱਤਾ ਗਿਆ ਸੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ’ਤੇ ਬਹਿਸ
ਅੱਜ ਸੋਮਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਨ ’ਤੇ ਬਹਿਸ ਹੋ ਰਹੀ ਹੈ ਅਤੇ ਅੱਜ ਹੀ ਬਹਿਸ ਨੂੰ ਪੂਰਾ ਕੀਤਾ ਜਾਵੇਗਾ। ਅੱਜ ਸੋਮਵਾਰ ਨੂੰ ਹੀ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਸੰਬੋਧਨ ਕੀਤਾ ਜਾਵੇਗਾ। ਭਲਕੇ ਮੰਗਲਵਾਰ 25 ਮਾਰਚ ਨੂੰ ਵਿਧਾਨਕ ਕੰਮਕਾਜ ਦੇ ਨਾਲ ਹੀ ਖ਼ਜ਼ਾਨਾ ਮੰਤਰੀ ਵੱਲੋਂ ਵਿੱਤ ਸਾਲ 2023-24 ਦੀ ਗ੍ਰਾਂਟ ਨੂੰ ਪਾਸ ਕਰਵਾਇਆ ਜਾਵੇਗਾ।
26 ਮਾਰਚ ਨੂੰ ਵਿਧਾਨ ਸਭਾ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ ਅਤੇ 27 ਮਾਰਚ ਨੂੰ ਬਜਟ ਨੂੰ ਪਾਸ ਕੀਤਾ ਜਾਵੇਗਾ, ਜਦੋਂ ਕਿ 28 ਮਾਰਚ ਨੂੰ ਵਿਧਾਨਕ ਕੰਮਕਾਜ ਕਰਦੇ ਹੋਏ ਸਦਨ ਨੂੰ ਅਣਮਿੱਥੇ ਲਈ ਮੁਅੱਤਲ ਕਰ ਦਿੱਤਾ ਜਾਏਗਾ।