ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ ਦਿਲ ਦੇ ਆਪ੍ਰੇਸ਼ਨ ਕਰਵਾਏ ਗਏ ਹਨ।
ਜਾਣਕਾਰੀ ਮੁਤਾਬਕ, ਜਮਾਂਦਰੂ ਦਿਲ ਦੀ ਬਿਮਾਰੀ ਇੱਕ ਜਨਮ ਨੁਕਸ ਹੈ ਜੋ ਦਿਲ ਜਾਂ ਇਸਦੇ ਨਜਦੀਕੀ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਦੇ ਇਲਾਜ ਲਈ ਅਕਸਰ ਮਹਿੰਗੀਆਂ ਸਰਜਰੀਆਂ ਦੀ ਲੋੜ ਹੁੰਦੀ ਹੈ ਜੋ ਬਹੁਤ ਸਾਰੇ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਹਨ।
ਇਸ ਚੁਣੌਤੀ ਨੂੰ ਸਮਝਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਨੂੰ ਜਿਊਣ ਦਾ ਦੂਜਾ ਮੌਕਾ ਦਿੰਦੇ ਹੋਏ ਇਲਾਜ ਦੀ ਸਾਰੀ ਲਾਗਤ ਨੂੰ ਪੂਰਾ ਕਰਨ ਲਈ ਪਹਿਲਕਦਮੀ ਕੀਤੀ ਗਈ ਹੈ। ਇਹ ਪਹਿਲਕਦਮੀ ਵਿਆਪਕ ਰਾਸ਼ਟਰੀ ਬਾਲ ਸਵਾਸਥ ਕਾਰਜਕਰਮ (ਆਰ.ਬੀ.ਐਸ.ਕੇ.) ਜੋ ਕਿ ਬੱਚਿਆਂ ਵਿੱਚ ਸਿਹਤ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਅਤੇ ਪ੍ਰਬੰਧਨ ਕਰਨ ਲਈ ਇੱਕ ਰਾਸ਼ਟਰੀ ਪ੍ਰੋਗਰਾਮ ਹੈ, ਦੇ ਹਿੱਸੇ ਵਜੋਂ ਕੀਤੀ ਗਈ ਹੈ।
ਵਿੱਤੀ ਸਾਲ 2024-25 (ਦਸੰਬਰ 2024 ਤੱਕ) ਦੌਰਾਨ, ਸਰਕਾਰ ਵੱਲੋਂ ਸੂਬੇ ਭਰ ਦੇ ਵੱਕਾਰੀ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਨ੍ਹਾਂ ਜੀਵਨ-ਰੱਖਿਅਕ ਪ੍ਰਕਿਰਿਆਵਾਂ ’ਤੇ 3.52 ਕਰੋੜ ਰੁਪਏ ਖਰਚ ਕੀਤੇ ਹਨ।
ਆਰ.ਬੀ.ਐਸ.ਕੇ. ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਮੋਬਾਈਲ ਸਿਹਤ ਟੀਮਾਂ ਤਾਇਨਾਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਟੀਮ ਵਿੱਚ ਚਾਰ ਮੈਂਬਰ ਹੁੰਦੇ ਹਨ ਜਿਹਨਾਂ ਵਿੱਚ ਦੋ ਡਾਕਟਰ (ਇੱਕ ਪੁਰਸ਼ ਅਤੇ ਇੱਕ ਔਰਤ), ਇੱਕ ਨਰਸ, ਅਤੇ ਡਾਟਾ ਪ੍ਰਬੰਧਨ ਵਿੱਚ ਹੁਨਰਮੰਦ ਇੱਕ ਫਾਰਮਾਸਿਸਟ ਸ਼ਾਮਲ ਹੈ।
ਇਹ ਟੀਮਾਂ ਸਾਰੇ ਲੋੜੀਂਦੇ ਟੈਸਟਿੰਗ ਉਪਕਰਨਾਂ, ਦਵਾਈਆਂ ਅਤੇ ਵਾਹਨਾਂ ਨਾਲ ਲੈਸ ਹਨ, ਅਤੇ ਬੱਚਿਆਂ ਦੀ ਸਿਹਤ ਸੰਬੰਧੀ ਜਾਂਚ ਕਰਨ ਲਈ ਨਿਯਮਿਤ ਤੌਰ ’ਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀਆਂ ਦਾ ਦੌਰਾ ਕਰਦੀਆਂ ਹਨ।