Punjab Government: ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

Dr. Baljit Kaur
Dr. Baljit Kaur

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾਂ  Punjab Government

Punjab Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ।

ਇਹ ਵੀ ਪੜ੍ਹੋ: 8th Result: ਪੰਜਾਬ ਬੋਰਡ ਦਾ 8ਵੀਂ ਜਮਾਤ ਦਾ ਨਤੀਜਾ ਐਲਾਨਿਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਪੱਧਰ ‘ਤੇ ਬਣਾਈ ਗਈ ਟਾਸਕ ਫੋਰਸਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭੀਖ ਮੰਗਣ ਵਾਲੇ ਬੱਚਿਆਂ ਦੀ ਸੰਭਾਲ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਦਾ ਸੰਪੂਰਨ ਵਿਕਾਸ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹ ਯਤਨ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ । Punjab Government