Malerkotla News: ਮਾਲੇਰਕੋਟਲਾ, (ਗੁਰਤੇਜ ਜੋਸੀ)। ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਲੇਰਕੋਟਲਾ ਵਿਖੇ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦੀ ਉਸਾਰੀ ਦਾ ਕੰਮ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ 2 ਮਹੀਨੇ ਵਿੱਚ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਕਾਲਜ ਅਤੇ ਉੱਚ ਸਹੂਲਤਾਂ ਵਾਲੇ ਹਸਪਤਾਲ ਦੀ ਸਖ਼ਤ ਲੋੜ ਸੀ। ਇਹ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਨਾਲ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਹਜ਼ਾਰਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ | Malerkotla News
ਉਹਨਾਂ ਕਿਹਾ ਕਿ ਇਹ ਹਸਪਤਾਲ ਬਣਨ ਨਾਲ ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੈਡੀਕਲ ਕਾਲਜ ਨੂੰ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰਨ ਦਾ ਟੀਚਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 20 ਡਾਕਟਰ ਤਾਇਨਾਤ ਕੀਤੇ ਤਾਂ ਜੋ ਇਸ ਨਵੇਂ ਬਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ।

ਇਹ ਵੀ ਪੜ੍ਹੋ: Wheat Crop Fire: ਅੱਗ ਲੱਗਣ ਕਾਰਨ ਦੋ ਕਿਸਾਨਾਂ ਦੀ ਦਸ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
ਜ਼ਿਲ੍ਹਾ ਹਸਪਤਾਲ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਹਨਾਂ ਵਾਅਦਾ ਕੀਤਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਜਲਦ ਹੀ 5 ਮੋਬਾਈਲ ਮੈਡੀਕਲ ਯੂਨਿਟ (ਐਂਬੂਲੈਂਸ) ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਹਨਾਂ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ, ਜਾਫਰ ਅਲੀ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐਮ ਸ੍ਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਫਰਿਹਾਲ ਰਹਿਮਾਨ ਧਰਮਪਤਨੀ ਵਿਧਾਇਕ ਮਾਲੇਰਕੋਟਲਾ, ਹਲੀਮ ਮਿਲਕੋਵੈਲ ਆਦਿ ਹਾਜ਼ਰ ਸਨ।