ਪੰਜਾਬ ਸਰਕਾਰ ਨੁਕਸਾਨੀ ਕਣਕ ਦੀ ਫ਼ਸਲ ਦਾ 50,000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਰਾਣਾ ਸੋਢੀ
Punjab BJP: (ਜਗਦੀਪ ਸਿੰਘ) ਫਿਰੋਜ਼ਪੁਰ। ਪਿਛਲੇ ਦਿਨਾਂ ਖੇਤਾਂ ’ਚ ਖੜ੍ਹੀਆਂ ਫਸਲਾਂ ਅਤੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਕਿਸਾਨਾਂ ਦਾ ਨੁਕਸਾਨ ਦਾ ਮੁੱਦਾ ਭਾਜਪਾ ਆਗੂਆਂ ਨੇ ਰਾਜਪਾਲ ਦੇ ਦਰਬਾਰ ਵਿੱਚ ਉਠਾਇਆ ਭਾਜਪਾ ਆਗੂਆਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਕਰ ਰਹੇ ਕੇਂਦਰੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਗੁਰੂਹਰਸਹਾਏ ਅਤੇ ਜੀਰਾ ਹਲਕਿਆਂ ’ਚ ਸੈਂਕੜੇ ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ ਅਤੇ ਸਭ ਕੁਝ ਜਾਣਨ ਦੇ ਬਾਵਜੂਦ, ਪ੍ਰਸ਼ਾਸਨਿਕ ਅਧਿਕਾਰੀ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।
ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ, ਭਾਜਪਾ ਆਗੂ ਫਤਿਹਜੰਗ ਬਾਜਵਾ, ਕੇਵਲ ਸਿੰਘ ਢਿੱਲੋਂ, ਮਨਜੀਤ ਸਿੰਘ ਰਾਏ ਨੇ ਉਨ੍ਹਾਂ ਨਾਲ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਦੇ ਦੁੱਖ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਅਤੇ ਨਾੜ ਸਾੜਨ ਦੇ ਬਾਵਜੂਦ ਨਾ ਤਾਂ ਡੀਸੀ ਅਤੇ ਨਾ ਹੀ ਏਡੀਸੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਇਸ ਨੇ ਕਿਸਾਨਾਂ ਦੀ ਦੁਰਦਸ਼ਾ ਲਈ ਕੋਈ ਪ੍ਰਬੰਧ ਨਹੀਂ ਕੀਤੇ।
ਇਹ ਵੀ ਪੜ੍ਹੋ: Punjab: ਪੰਜਾਬ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼, ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ
ਰਾਣਾ ਸੋਢੀ ਨੇ ਕਿਹਾ ਕਿ ਸਰਕਾਰ ਨੂੰ ਹੁਣ ਬਿਨ੍ਹਾਂ ਗਰਦੌਰੀ ਕਰਵਾਏ ਜਲਦ ਕਣਕ ਦੀ ਫ਼ਸਲ ਲਈ 50,000 ਰੁਪਏ ਪ੍ਰਤੀ ਏਕੜ ਅਤੇ ਸੜੇ ਨਾੜ ਦਾ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਵਿੱਤੀ ਮਦਦ ਮਿਲ ਸਕੇ। ਦੱਸ ਦਈਏ ਕਿ ਬੀਤੇ ਦਿਨ ਗੁਰੂਹਰਸਹਾਏ ਹਲਕੇ ਵਿੱਚ ਅੱਗ ਕਾਰਨ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਪਹੁੰਚੇ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਹੋਰ ਭਾਜਪਾ ਆਗੂ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਦੇ ਬਾਅਦ ਫਿਰੋਜ਼ਪੁਰ ਦੇ ਡੀਸੀ ਨੂੰ ਇਸ ਸਬੰਧੀ ਮੈਮਰੰਡਮ ਦੇਣ ਪਹੁੰਚੇ ਸਨ, ਜਿੱਥੇ ਉਹਨਾਂ ਦੀ ਡੀਸੀ ਨਾਲ ਹਲਕੀ ਬਹਿਸਬਾਜ਼ੀ ਹੋਈ, ਜਿਸ ਮਗਰੋਂ ਅੱਜ ਭਾਜਪਾ ਆਗੂ ਪੰਜਾਬ ਦੇ ਰਾਜਪਾਲ ਦੇ ਦਰਬਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁੱਦਾ ਲੈ ਕੇ ਪਹੁੰਚੇ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕਰਨ ਲਈ ਕਦਮ ਚੁੱਕਣਗੇ। Punjab BJP