Vigilance Bureau Punjab: ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ ਰਿਸ਼ਵਤ ਲੈਣੀ ਪਈ ਮਹਿੰਗੀ

Vigilance Bureau Punjab
ਜਗਰਾਓਂ: ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ।

ਵਿਜੀਲੈਂਸ ਬਿਊਰੋ ਵੱਲੋਂ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Vigilance Bureau Punjab: (ਜਸਵੰਤ ਰਾਏ) ਜਗਰਾਓਂ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ (ਜ਼ਿਲਾ ਲੁਧਿਆਣਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨਾਂ ਦੱਸਿਆ ਕਿ ਮਾਮਲਾ ਦਰਜ਼ ਕਰ ਲਿਆ ਗਿਆ ਹੈ, ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। Vigilance Bureau Punjab