
ਬਠਿੰਡਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Bathinda Grain Market: (ਸੁਖਜੀਤ ਮਾਨ) ਬਠਿੰਡਾ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ । ਖਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਪੰਜਾਬ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚੀ ਹੈ, ਜਿਸ ਵਿਚੋਂ 103 ਲੱਖ ਮੀਟ੍ਰਿਕ ਟਨ ਫਸਲ ਵੱਖ-ਵੱਖ ਏਜੰਸੀਆਂ ਖਰੀਦ ਚੁੱਕੀਆਂ ਹਨ।
ਇਹ ਵੀ ਪੜ੍ਹੋ: Punjab Government: ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬ..
ਮੰਤਰੀ ਨੇ ਦੱਸਿਆ ਕਿ ਕਿਸਾਨਾਂ ਤੋਂ ਜੋ ਫਸਲ ਖਰੀਦੀ ਗਈ ਹੈ, ਉਸ ਦਾ 20,500 ਕਰੋੜ ਰੁਪਏ ਦਾ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ।
ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ। ਉਹਨਾਂ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾ. ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ। Bathinda Grain Market