Ludhiana News: ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਕੀਤੀ ਮੰਗ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਬੀਤੇ ਦਿਨ ਮਹਾਨਗਰ ਲੁਧਿਆਣਾ ’ਚ ਇਕੱਠਿਆਂ ਸ਼ਰਾਬ ਪੀਣ ਤੋਂ ਬਾਅਦ ਹੋਈਆਂ ਤਿੰਨਾਂ ਨੌਜਵਾਨਾਂ ਦੀਆਂ ਮੌਤਾਂ ’ਤੇ ਸਿਆਸਤ ਗਰਮਾ ਗਈ ਹੈ ਮੌਤ ਦੇ ਕਾਰਨਾਂ ਬਾਰੇ ਭਾਵੇਂ ਅਧਿਕਾਰਤ ਤੌਰ ’ਤੇ ਫ਼ਿਲਹਾਲ ਕੁਝ ਵੀ ਸਪੱਸ਼ਟ ਨਹੀਂ ਹੋ ਸਕਿਆ ਪਰ ਪਰਿਵਾਰਕ ਮੈਂਬਰਾਂ ਵੱਲੋਂ ਮੌਤਾਂ ਦੀ ਵਜ਼ਾ ਸ਼ਰਾਬ ਦੱਸਿਆ ਜਾ ਰਿਹਾ ਹੈ, ਜਿਸ ’ਤੇ ਵਿਰੋਧੀਆਂ ਨੇ ਵੀ ਸੱਤਾਧਿਰ ’ਤੇ ਸਵਾਲਾਂ ਦੀ ਝੜੀ ਲਾ ਦਿੱਤੀ ਹੈ।
ਮ੍ਰਿਤਕਾਂ ’ਚ ਰਿੰਕੂ ਦੀ ਮਾਂ ਸ਼ਾਂਤੀ ਦੇਵੀ ਨੇ ਦੱਸਿਆ ਕਿ ਰਿੰਕੂ ਦੀ ਪਤਨੀ ਦੀ ਮੌਤ ਇੱਕ ਸਾਲ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਿੰਕੂ ਤੇ ਉਸਦੇ ਫੌਤ ਹੋਏ ਦੋਸਤ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ। ਜਿਥੋਂ ਸ਼ਰਾਬ ਦੀ ਬੋਤਲਾਂ ਵੀ ਮਿਲੀਆਂ ਹਨ। ਉਨ੍ਹਾਂ ਨੂੰ ਜਿਉਂ ਹੀ ਤਿੰਨਾਂ ਜਣਿਆਂ ਦੇ ਇੱਕ ਖਾਲੀ ਪਲਾਟ ਵਿੱਚ ਬੇਸ਼ੁੱਧ ਮਿਲਣ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਐੱਮਓ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤਿੰਨਾਂ ਵਿਅਕਤੀਆਂ ਦੀ ਮੌਤ ਭੇਤਭਰੇ ਹਾਲਾਤਾਂ ਵਿੱਚ ਹੋਈ ਹੈ, ਜਿਸ ਦੇ ਅਸਲ ਕਾਰਨਾਂ ਬਾਰੇ ਪੋਸਟ ਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਕੁਝ ਕਿਹਾ ਜਾ ਸਕਦਾ ਹੈ। Ludhiana News
‘ਆਪ’ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗੇ: ਰਾਜਾ ਵੜਿੰਗ | Ludhiana News
ਲੁਧਿਆਣਾ ।ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਹਾਨਗਰ ’ਚ ਤਿੰਨ ਨੌਜਵਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ‘ਆਪ’ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਸੂਬੇ ਵਿੱਚ ਸ਼ਰਾਬ ਦੇ ਉਤਪਾਦਨ ਅਤੇ ਸਪਲਾਈ ਨੂੰ ਕੰਟਰੋਲ ਕਰਨ ਅਤੇ ਰੋਕਣ ਵਿੱਚ ਅਸਫ਼ਲ ਹੋ ਚੁੱਕੀ ਹੈ, ਜਿਸ ਕਾਰਨ ਪਹਿਲਾਂ ਮਜੀਠਾ ’ਚ ਸ਼ਰਾਬ ਦੁਖਾਂਤ ਵਾਪਰਿਆ ’ਤੇ 28 ਵਿਅਕਤੀਆਂ ਦੀ ਮੌਤ ਹੋਈ। ਥੋੜੇ੍ਹ ਦਿਨਾਂ ਵਿੱਚ ਇਹ ਦੂਜਾ ਦੁਖਾਂਤ ਹੈ।
Read Also : Raja Warring: ਰਾਜਾ ਵੜਿੰਗ ਫਰੀਦਕੋਟ ਪਹੁੰਚੇ, ਅਗਨੀਵੀਰ ਆਕਾਸ਼ਦੀਪ ਦੇ ਪਿਤਾ ਨਾਲ ਰਾਹੁਲ ਗਾਂਧੀ ਦੀ ਕਰਵਾਈ ਗੱਲ
ਇਹ ਹੋਰ ਵੀ ਹੈਰਾਨ ਕਰਨ ਵਾਲਾ ਹੈ ਕਿਉਂਕਿ ਪੀੜਤਾਂ ਨੇ ਕਥਿਤ ਤੌਰ ’ਤੇ ਸਰਕਾਰ ਵੱਲੋਂ ਪ੍ਰਵਾਨਿਤ ਠੇਕੇ ਤੋਂ ਸ਼ਰਾਬ ਖਰੀਦੀ ਸੀ। ਉਨ੍ਹਾਂ ਕਿਹਾ ਕਿ ਸ਼ਰਾਬ ਬਣਾਉਣ ਵਾਲੇ ਸਰਕਾਰ ’ਤੇ ਮੁਸ਼ੱਕ ਕਰ ਰਹੇ ਸਨ, ਕਿਉਂਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦੋਂ 15 ਦਿਨ ਪਹਿਲਾਂ ਅਜਿਹੀ ਭਿਆਨਕ ਤ੍ਰਾਸਦੀ ਵਾਪਰੀ ਸੀ ਤੇ ਹੁਣ ਲੁਧਿਆਣਾ ਵਿੱਚ ਇੱਕ ਹੋਰ ਘਟਨਾ ਵਾਪਰੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਸ਼ਰਾਬ ਤਸਕਰਾਂ ਨੂੰ ਲਗਾਮ ਪਾਉਣ ਵਿੱਚ ਅਸਫ਼ਲ ਰਹਿਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਡੂੰਘਾਈ ਨਾਲ ਹੋਵੇ ਜਾਂਚ: ਆਸ਼ੂ | Ludhiana News
ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਚਿੱਟੇ ਦਿਨ ਸ਼ਰਾਬ ਵੇਚਣ ਦਾ ਧੰਦਾ ਜ਼ੋਰਾਂ ’ਤੇ ਹੈ। ਇਸ ’ਤੇ ਕਾਬੂ ਪਾਉਣ ਵਿੱਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
‘ਆਪ’ ਦੀ ਨਾਕਾਮੀ: ਘੁੰਮਣ
ਸ਼੍ਰੋਮਣੀ ਅਕਾਲੀ ਦਲ (ਬ) ਦੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੇਰ ਰਾਤ ਹਸਪਤਾਲ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਵਿਗੜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਾਬ ਪੀਣ ਨਾਲ ਲੋਕਾਂ ਦੇ ਘਰਾਂ ’ਚ ਵਿਛ ਰਹੇ ਸੱਥਰ ‘ਆਪ’ ਸਰਕਾਰ ਦੀ ਨਾਕਾਮੀ ਹੈ।
ਸਰਕਾਰ ਫੇਲ੍ਹ: ਧੀਮਾਨ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜ਼ਨੀਸ਼ ਧੀਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਆੜ ’ਚ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਨਸ਼ਿਆਂ ਦੇ ਨਾਲ ਘਰਾਂ ਦੇ ਘਰ ਖਾਲੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।