Punjab Police Traffic Updates: ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ, ਬੀਤੇ ਦੋ ਮਹੀਨਿਆਂ ’ਚ 115 ਚਲਾਨ ਕੱਟੇ

Punjab Police Traffic Updates
ਫ਼ਤਹਿਗੜ੍ਹ ਸਾਹਿਬ : ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ। ਤਸਵੀਰ: ਅਨਿਲ ਲੁਟਾਵਾ

ਸੜਕ ਹਾਦਸਿਆਂ ਦੇ ਪੀੜਤਾਂ ਨੂੰ ਹਸਪਤਾਲ ਲਿਜਾਉਣ ਵਾਲੇ ਨਾਗਰਿਕਾਂ ਨੂੰ ‘ਫਰਿਸ਼ਤੇ’ ਸਕੀਮ ਤਹਿਤ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਨਾਲ ਨਿਵਾਜਿਆ ਜਾਂਦਾ ਹੈ : ਡਾ. ਸੋਨਾ ਥਿੰਦ

Punjab Police Traffic Updates: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਉਪਰਾਲੇ ਕੀਤੇ ਜਾਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ, ਅਜਿਹੇ ਸਾਰੇ ਬਲੈਕ ਸਪੋਟਸ ਉੱਤੇ ਢੁਕਵੇਂ ਸੰਕੇਤਕ ਚਿੰਨ੍ਹ ਅਤੇ ਬੋਰਡ ਲਗਵਾਉਣ ਦੀ ਹਦਾਇਤ ਕੀਤੀ ਜਿੱਥੇ ਸੜਕ ਦੁਰਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਚਲਾਈ ਜਾ ਰਹੀ ਫਰਿਸ਼ਤੇ ਸਕੀਮ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਜੇਕਰ ਕੋਈ ਵੀ ਨਾਗਰਿਕ ਸਵੈ ਇੱਛਾ ਨਾਲ ਦੁਰਘਟਨਾ ਪੀੜਤਾਂ ਦੀ ਜਾਨ ਬਚਾਉਣ ਵਿੱਚ ਮੱਦਦ ਕਰਦਾ ਹੈ ਤਾਂ ਉਸ ਨੂੰ ‘ਫਰਿਸ਼ਤਾ’ ਮੰਨਦੇ ਹੋਏ 2 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਤੇ ਪ੍ਰਸੰਸਾ ਪੱਤਰ ਨਾਲ ਨਿਵਾਜਿਆ ਜਾਂਦਾ ਹੈ।

ਇਹ ਵੀ ਪੜ੍ਹੋ: IND vs ENG 1st Test: ਭਾਰਤ ਖਿਲਾਫ਼ ਪਹਿਲੇ ਟੈਸਟ ਲਈ ਇੰਗਲੈਂਡ ਟੀਮ ਦਾ ਐਲਾਨ

ਉਨ੍ਹਾਂ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੁਰਘਟਨਾਵਾਂ ਵਿੱਚ ਪੀੜਤ ਹੋਣ ਵਾਲੇ ਵਿਅਕਤੀਆਂ ਦੀ ਮੱਦਦ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੀਮਤੀ ਜਾਨਾਂ ਨੂੰ ਬਚਾਉਣ ਲਈ ਇਹ ਮਨੁੱਖਤਾ ਦੀ ਇੱਕ ਵੱਡੀ ਸੇਵਾ ਸਾਬਤ ਹੋਵੇਗਾ। ਇਸ ਮੌਕੇ ਰੀਜਨਲ ਟਰਾਂਸਪੋਰਟ ਅਫਸਰ ’ਤੇ ਅਮਲੋਹ ਦੇ ਉੱਪ ਮੰਡਲ ਮੈਜਿਸਟਰੇਟ ਚੇਤਨ ਬੰਗੜ ਨੇ ਦੱਸਿਆ ਕਿ ਬੀਤੇ ਦੋ ਮਹੀਨਿਆਂ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 115 ਵਾਹਨ ਚਾਲਕਾਂ ਦੇ ਚਲਾਨ ਕੱਟ ਕੇ ਲਗਭਗ 28 ਲੱਖ ਰੁਪਏ ਜ਼ੁਰਮਾਨੇ ਵਜੋਂ ਵਸੂਲੇ ਗਏ ਹਨ।

ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ। ਮੀਟਿੰਗ ਦੌਰਾਨ ਐਸਡੀਐਮ ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ, ਐਸਡੀਐਮ ਬਸੀ ਪਠਾਣਾ ਹਰਵੀਰ ਕੌਰ, ਐਸਡੀਐਮ ਖਮਾਣੋਂ ਮਨਰੀਤ ਰਾਣਾ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। Punjab Police Traffic Updates