ਅਜਿਹੀਆਂ ਛੋਟਾਂ ਪੰਜਾਬ ਨੂੰ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ:ਅਮਰਿੰਦਰ ਸਿੰਘ
ਚੰਡੀਗੜ੍ਹ: ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਢੀ ਖੇਤਰਾਂ ਨੂੰ ਵੀ ਅਜਿਹੀਆਂ ਛੋਟਾਂ ਦੇਣ ਦੀ ਮੰਗ ਉਠਾਉਣਗੇ। ਅੱਜ ਇੱਥੇ ਪੰਜਾਬ ਕਲਾ ਭਵਨ ਵਿਖੇ ਫੋਟੋ ਜਰਨਾਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਾਈ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹਨ ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਪਹਾੜੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਾਂਗ ਇਹ ਇਲਾਕੇ ਵੀ ਅਜਿਹੀਆਂ ਛੋਟਾਂ ਦੇ ਹੱਕਦਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ ਅਤੇ ਹੁਣ ਹੋਰ ਜ਼ੋਰਦਾਰ ਢੰਗ ਨਾਲ ਇਹ ਮਾਮਲਾ ਉਠਾਇਆ ਜਾਵੇਗਾ।
ਫਸਲੀ ਕਰਜ਼ੇ ‘ਤੇ ਲਵਾਂਗੇ ਉੱਚਿਤ ਫੈਸਲੇ
ਫਸਲੀ ਕਰਜ਼ਾ ਦੀ ਮੁਆਫ਼ੀ ਸਬੰਧੀ ਡਾ. ਟੀ ਹੱਕ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਿਪੋਰਟ ਹਾਸਲ ਕਰਨ ਲਈ ਹੈ ਅਤੇ ਇਸ ਨੂੰ ਪੜ੍ਹ ਕੇ ਕਿਸਾਨਾਂ ਦੇ ਹਿੱਤ ਵਿੱਚ ਢੁਕਵੇਂ ਫੈਸਲੇ ਲਏ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਉਨ੍ਹਾਂ ਦੇ ਕਰਜ਼ੇ ਦੀ ਅਦਾਇਗੀ ਵਾਸਤੇ ਸਰਕਾਰ ਨੂੰ ਵਾਧੂ ਕਰਜ਼ੇ ਦੀ ਲੋੜ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਰੇਤ ਦੀਆਂ ਖੱਡਾਂ ਦੀ ਨਿਲਾਮੀ ਅਤੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਦੋਸ਼ਾਂ ਬਾਰੇ ਜਸਟਿਸ ਨਾਰੰਗ ਦੀ ਰਿਪੋਰਟ ਨੂੰ ਘੋਖਣ ਲਈ ਦੂਜੀ ਕਮੇਟੀ ਨਹੀਂ ਬਣੇਗੀ। ਉਨ੍ਹਾਂ ਕਿਹਾ,”ਮੈਂ ਰਿਪੋਰਟ ਮੁੱਖ ਸਕੱਤਰ ਨੂੰ ਭੇਜ ਦਿੱਤੀ ਜੋ ਇਸ ਰਿਪੋਰਟ ਦੀ ਪੜਚੋਲ ਲਈ ਹੋਰ ਅਧਿਕਾਰੀਆਂ ਨੂੰ ਸ਼ਾਮਲ ਕਰ ਸਕਦੇ ਹਨ।
ਬਿਹਤਰੀਨ ਫੋਟੋ ਪੱਤਰਕਾਰ ਲਈ ਟਰਾਫ਼ੀ ਦਾ ਐਲਾਨ
ਆਮ ਆਦਮੀ ਪਾਰਟੀ ‘ਚੋਂ ਕੱਢੇ ਲੀਡਰ ਸੁੱਚਾ ਸਿੰਘ ਛੋਟੇਪੁਰ ਦੇ ਕਾਂਗਰਸ ਵਿੱਚ ਆਉਣ ਦੀਆਂ ਕਿਆਸ-ਅਰਾਈਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਛੋਟੇਪੁਰ ਉਨ੍ਹਾਂ ਦੇ ਚੰਗੇ ਮਿੱਤਰ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਮੁਲਾਕਾਤ ਨਹੀਂ ਹੋਈ। ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਫੋਟੋਗ੍ਰਾਫਰ ਐਸ. ਪੌਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ ਸਨ। ਇਸ ਮੌਕੇ ਐਵਾਰਡ ਜੇਤੂ ਫੋਟੋ ਜਰਨਾਲਿਸਟ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਸਾਲ ਦੇ ਬਿਹਤਰੀਨ ਫੋਟੋਗ੍ਰਾਫਰ ਲਈ ਟਰਾਫ਼ੀ ਦਾ ਐਲਾਨ ਕੀਤਾ ਜੋ ਹਰੇਕ ਸਾਲ ਦਸੰਬਰ ਮਹੀਨੇ ਵਿੱਚ ਦਿੱਤੀ ਜਾਵੇਗੀ। ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਲਾਈ ਪ੍ਰਦਰਸ਼ਨੀ ਦੌਰਾਨ ਮੁੱਖ ਮੰਤਰੀ ਨੇ ਵੀ ਕੁਝ ਤਸਵੀਰਾਂ ਦੇਖੀਆਂ। ਇਸ ਮੌਕੇ ਉੱਘੇ ਫੋਟੋ ਜਰਨਾਲਿਸਟ ਸੰਤੋਖ ਸਿੰਘ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।
ਉਦਘਾਟਨੀ ਸਮਾਗਮ ਦੌਰਾਨ ਉਨ੍ਹਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਮੁੱਖ ਮੰਤਰੀ ਬੀ.ਆਈ.ਐਸ. ਚਾਹਲ, ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।