
Rehabilitation Center Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ, ਬ੍ਰਾਹਮਣ ਮਾਜਰਾ, ਸਰਹਿੰਦ ਦੀ ਰਾਤ ਨੂੰ ਅਚਨਚੇਤ ਚੈਕਿੰਗ ਕੀਤੀ। ਸਮੂਹ ਸਟਾਫ ਡਿਊਟੀ ’ਤੇ ਹਾਜ਼ਰ ਪਾਇਆ ਗਿਆ। ਉਨ੍ਹਾਂ ਕੇਂਦਰ ਵਿੱਚ ਦਵਾਈਆਂ ਦੇ ਸਟੋਰ ਅਤੇ ਰਿਕਾਰਡ ਦੀ ਜਾਂਚ ਵੀ ਕੀਤੀ ਅਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਤਸੱਲੀ ਪ੍ਰਗਟ ਕੀਤੀ।
ਇਸ ਮੌਕੇ ਸਿਵਲ ਸਰਜਨ ਨੇ ਨਸ਼ਾ ਪੀੜਤਾਂ ਦੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਾ ਪੀੜਤ ਵਿਅਕਤੀਆਂ ਦੇ ਮੈਡੀਕਲ ਇਲਾਜ, ਪੂਰਨ ਇਲਾਜ ਤੱਕ ਦਾਖਲੇ ਦਾ ਪ੍ਰਬੰਧ, ਨਸ਼ਾ ਛੱਡਣ ਲਈ ਦ੍ਰਿੜ ਸ਼ਕਤੀ ਉਤਪੰਨ ਕਰਨ, ਚੰਗੀ ਜ਼ਿੰਦਗੀ ਜਿਉਣ ਲਈ ਸਹੀ ਰਸਤੇ ਬਾਰੇ ਪ੍ਰੇਰਿਤ ਕਰਨ, ਨਸ਼ਾ ਛੱਡਣ ਉਪਰੰਤ ਰੋਜ਼ਗਾਰ ਲਈ ਜਾਗਰੂਕ ਕਰਨ, ਸਮਾਜਿਕ/ ਧਾਰਮਿਕ ਕੰਮਾਂ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਨ ਆਦਿ ਸਹੂਲਤਾਂ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲਾਭਪਾਤਰੀਆਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।
ਇਹ ਵੀ ਪੜ੍ਹੋ: Jackfruit Day: ਜੈਕਫਰੂਟ ਪਾਚਨ ਪ੍ਰਣਾਲੀ ਲਈ ਵਰਦਾਨ ਹੈ, ਬਲੱਡ ਪ੍ਰੈਸ਼ਰ ਨੂੰ ਵੀ ਕਰਦਾ ਹੈ ਕੰਟਰੋਲ
ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ , ਮੁੜ ਵਸੇਬਾ ਕੇਂਦਰ ਤੇ ਓਟ ਸੈਂਟਰਾਂ ਵਿੱਚ ਲੋੜੀਂਦੀਆਂ ਸਾਰੀਆਂ ਦਵਾਈਆਂ, ਟੈਸਟਿੰਗ ਕਿੱਟਾਂ , ਕੇਂਦਰਾਂ ਦੀ ਸਾਫ-ਸਫਾਈ ਪ੍ਰਬੰਧਨ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਉਪਲੱਬਧਤਾਂ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਨਸ਼ਾ ਪੀੜਿਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਪ੍ਰੇਰਿਤ ਕਰਨ ਤਾਂ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਸਮੂਹ ਸਟਾਫ ਤੋਂ ਇਲਾਵਾ ਨਸ਼ਾ ਪੀੜਿਤ ਵਿਅਕਤੀ ਵੀ ਹਾਜ਼ਰ ਸਨ। Rehabilitation Center Punjab