ਬਾਦਲ ਪਰਿਵਾਰ ਨੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ: ਧਰਮਸੋਤ
ਹਰਪਾਲ/ਕ੍ਰਿਸ਼ਨ ਇੰਸਾਂ, ਲੌਂਗੋਵਾਲ: ਸ: ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਸਥਾਨਕ ਅਨਾਜ ਮੰਡੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ‘ਤੇ ਸ਼ਾਮਿਲ ਹੁੰਦਿਆਂ ਸ: ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸ. ਧਰਮਸੋਤ ਨੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ: ਲੌਂਗੋਵਾਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿਆਸਤ ਕੀਤੀ ਅਤੇ ਆਪਣੇ ਹਿੱਤਾਂ ਨੂੰ ਅੱਗੇ ਰੱਖ ਕੇ ਸ਼ਾਂਤੀ ਦੇ ਮਸੀਹਾ ਨੂੰ ਹਮੇਸ਼ਾ ਪਿੱਛੇ ਰੱਖਣ ਦੀ ਕੋਸ਼ਿਸ ਕੀਤੀ। ਉਨ੍ਹਾਂ ਕਿਹਾ 10 ਸਾਲ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਲੌਂਗੋਵਾਲ ਦੇ ਵਿਕਾਸ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ।
ਉਨ੍ਹਾਂ ਬਾਦਲ ਪਰਿਵਾਰ ‘ਤੇ ਵਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੀ ਥਾਂ ਮਤਲਬਪ੍ਰਸਤੀ ਵਾਲੀ ਰਾਜਨੀਤੀ ਕਰਕੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲਕਦਮੀ ਨਾਲ ਹਲ ਕੀਤਾ ਜਾਵੇਗਾ।
ਸ: ਲੌਗੋਂਵਾਲ ਦੀ ਸ਼ਹਾਦਤ ਨੂੰ ਭੁਲਾਇਆ ਨਹੀ ਜਾ ਸਕਦਾ
ਉਨ੍ਹਾਂ ਕਿਹਾ ਕਿ ਸ: ਲੌਗੋਂਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਜਿਸਨੂੰ ਰਹਿੰਦੀ ਦੁਨੀਆਂ ਤੱਕ ਭੁਲਾਇਆ ਨਹੀ ਜਾ ਸਕਦਾ।
ਇਸ ਮੌਕੇ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਤੋਂ ਲੋਕਾਂ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਨੂੰ ਦਿਲੋ ਸਤਿਕਾਰ ਕਰਨਾ ਚਾਹੀਦਾ ਹੈ।
ਵਿਧਾਇਕ ਸੰਗਰੂਰ ਵਿਜੈ ਇੰਦਰ ਸਿੰਗਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ: ਲੌਂਗੋਵਾਲ ਨੇ ਸਿਆਸਤ ਤੋਂ ਉੱਪਰ ਉੱਠ ਕੇ ਤਪੱਸਵੀ ਦੇ ਤੌਰ ‘ਤੇ ਲੋਕਾਂ ਦੇ ਭਲੇ ਲਈ ਕੰਮ ਕੀਤਾ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸ. ਸੁਰਿੰਦਰ ਸਿੰਘ ਧੂਰੀ ਨੇ ਵੀ ਸ਼ਰਧਾ ਦੇ ਫੁਲ ਭੇਂਟ ਕੀਤੇ। ਸਮਾਰੋਹ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਭਤੀਜੇ ਸ. ਰੂਪ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵੀ ਸਿਰਕਤ ਕੀਤੀ।
ਪੱਤਰਕਾਰਾਂ ਨਾਲ ਹੋਈ ਤੂੰ-ਤੂੰ, ਮੈਂ-ਮੈਂ
ਅੱਜ ਲੌਂਗੋਵਾਲ ਵਿੱਚ ਕਾਂਗਰਸ ਦੇ ਸਮਾਗਮ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੁਝ ਪੱਤਰਕਾਰਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਤੂੰ-ਤੂੰ ਮੈਂ-ਮੈਂ ਹੋ ਗਈ ਜਿਸ ਤੋਂ ਖਫ਼ਾ ਹੋਏ ਪੱਤਰਕਾਰਾਂ ਨੇ ਇੱਕ ਵਾਰ ਪ੍ਰੋਗਰਾਮ ਦਾ ਬਾਈਕਾਟ ਕਰ ਦਿੱਤਾ, ਇਸ ਪਿੱਛੋਂ ਹਲਕਾ ਸੰਗਰੂਰ ਦੇ ਵਿਧਾਇਕ ਵਿਜੈਇੰਦਰ ਸਿੰਗਲਾ ਤੇ ਹੋਰ ਆਗੂਆਂ ਨੇ ਵਿਚ ਵਿਚਾਲੇ ਪੈ ਕੇ ਮਾਮਲਾ ਸ਼ਾਂਤ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।