ਕਾਰਗਿਲ ਜੰਗ ’ਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ : ਭਗਵੰਤ ਸਿੰਘ ਮਾਨ
Kargil Vijay Diwas: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਂਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ। ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਜੰਗ ਦੌਰਾਨ ਸਮੁੱਚੇ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿੱਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।
ਇਹ ਵੀ ਪੜ੍ਹੋ: Crime News: ਸੁੱਤੇ ਪਏ ਪਰਿਵਾਰ ਨੂੰ ਕਮਰਿਆਂ ‘ਚ ਬੰਦ ਕਰਕੇ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਕੀਤੇ ਚੋਰੀ

ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ। ਇਸ ਮੌਕੇ ਐੱਨਸੀਸੀ ਕੈਡਿਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਸੰਖੇਪ ਵਿੱਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। Kargil Vijay Diwas