‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਵਿਭਾਗ ਨਾਲ ਸਬੰਧਤ 6 ਸੇਵਾਵਾਂ ਲੋਕਾਂ ਲਈ ਆਨਲਾਈਨ ਉਪਲਬੱਧ-ਡਿਪਟੀ ਕਮਿਸ਼ਨਰ
Punjab Land Records: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਮਾਲ ਵਿਭਾਗ ਨਾਲ ਸਬੰਧਤ 6 ਸੇਵਾਵਾਂ ਹੁਣ ਆਨਲਾਈਨ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਵੀ ਪ੍ਰਾਪਤ ਕਰ ਸਕਦੇ ਹਨ। ਜਿਸ ਵਿੱਚ ਵਟਸਐਪ ’ਤੇ ਜਮ੍ਹਾਂਬੰਦੀ ਪ੍ਰਾਪਤ ਕਰਨਾ, ਇੰਤਕਾਲ ਕਰਵਾਉਣ, ਰਪਟ ਐਂਟਰੀ ਅਤੇ ਫਰਦ ਬਦਰ (ਜਮ੍ਹਾਂਬੰਦੀ ’ਚ ਰਿਕਾਰਡ ਦੀ ਦਰੁਸਤੀ) ਲਈ ਆਨਲਾਈਨ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੇ ਡੀ.ਐਸ.ਐਮ ਸੁਖਮੰਦਰ ਸਿੰਘ ਨਾਲ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਸਬੰਧੀ ਬੈਠਕ ਕਰਦਿਆਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ, ਉੱਥੇ ਹੀ ਬੇਲੋੜੀ ਖੱਜਲ ਖੁਆਰੀ ਵੀ ਖਤਮ ਹੋਵੇਗੀ।
ਉਨ੍ਹਾਂ ਆਨਲਾਈਨ ਜਮ੍ਹਾਂਬੰਦੀ ਦੀ ਕਾਪੀ ਪ੍ਰਾਪਤ ਕਰਨ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ’ਤੇ ਜਾ ਕੇ ਆਪਣੇ ਵੇਰਵੇ ਦਰਜ ਕਰਕੇ ਜਮ੍ਹਾਂਬੰਦੀ ਦੀ ਕਾਪੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜਮ੍ਹਾਂਬੰਦੀ ਉਪਰ ਡਿਜੀਟਲ ਤੌਰ ’ਤੇ ਦਸਤਖਤ ਹੋਣਗੇ ਅਤੇ ਇਸ ਉਪਰ ਕਿਊ.ਆਰ. ਕੋਡ ਵੀ ਹੋਵੇਗਾ ਜਿਸ ਨਾਲ ਕੋਈ ਵੀ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨ ਲਈ ਕਿਊ.ਆਰ. ਕੋਡ ਨੂੰ ਸਕੈਨ ਕੀਤਾ ਜਾ ਸਕਦਾ ਹੈ ਅਤੇ ਇਹ ਫਰਦ ਸਾਰੇ ਥਾਵਾਂ ’ਤੇ ਮੰਨਣਯੋਗ ਹੈ ਤੇ ਇਸ ਸਬੰਧੀ ਸਰਕਾਰ ਵੱਲੋਂ ਸਾਰੇ ਅਦਾਰਿਆਂ ਨੂੰ ਹਦਾਇਤਾ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ: Raksha Bandhan: ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ
ਆਨਲਾਈਨ ਇੰਤਕਾਲ ਸੇਵਾ ਬਾਰੇ ਵੇਰਵੇ ਦਿੰਦੇ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਂਦਾ ਹੈ ਤਾਂ ਇਸ ਦਾ ਇੰਤਕਾਲ ਆਪਣੇ ਆਪ 30 ਦਿਨਾਂ ਦੇ ਅੰਦਰ ਹੋ ਜਾਵੇਗਾ। ਇਸ ਲਈ ਪਟਵਾਰੀ ਕੋਲ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਵਿਰਾਸਤ ਦੇ ਇੰਤਕਾਲ ਅਤੇ ਪੁਰਾਣੀ ਹੋਈ ਰਜਿਸਟਰੀ ਜਿਸ ਦਾ ਇੰਤਕਾਲ ਦਰਜ ਨਾ ਹੋਇਆ ਹੋਵੇ ਉਸ ਸਬੰਧੀ ਵੀ ਅਰਜੀ ਆਨਲਾਈਨ ਦਰਜ਼ ਕਰਵਾਈ ਜਾ ਸਕਦੀ ਹੈ ਅਤੇ 30 ਦਿਨਾਂ ਦੇ ਨਿਰਧਾਰਤ ਸਮੇਂ ਦੇ ਅੰਦਰ ਇੰਤਕਾਲ ਹੋ ਜਾਵੇਗਾ। ਇਸ ਬਾਰੇ ਉਸ ਨੂੰ ਸਮੁੱਚੀ ਪ੍ਰਕਿਰਿਆ ਦੇ ਹਰ ਕਦਮ ਦਾ ਵਟਸਐਪ ਅਤੇ ਪੋਰਟਲ ਰਾਹੀਂ ਅਪਡੇਟ ਮਿਲੇਗਾ। Punjab Land Records
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ ਰਾਹੀਂ ਸਿਰਫ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ ਤੇ ਇਨ੍ਹਾਂ ਸੇਵਾਵਾਂ ਲਈ ਨਿਰਧਾਰਤ ਫ਼ੀਸ ਵੀ ਆਨਲਾਈਨ ਹੀ ਭਰੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 1076 ’ਤੇ ਡਾਇਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ਵਿੱਚ ਅਰਜੀਆਂ ਜਮ੍ਹਾਂ ਕਰਵਾ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ। Punjab Land Records