Road Accident Canada: (ਵਿੱਕੀ ਕੁਮਾਰ) ਮੋਗਾ। ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ’ਚ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ (26) ਵਾਸੀ ਪਿੰਡ ਘੋਲੀਆਂ ਖ਼ੁਰਦ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਕੈਨੇਡਾ ਦੇ ਸਟਰੈਥਮੋਰ ਇਲਾਕੇ ’ਚ ਵਾਪਰਿਆ। ਇਕ ਟਰੱਕ ਨਾਲ ਭਿਆਨਕ ਟੱਕਰ ਵਿੱਚ ਮਨਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਪਰ ਉਦੋਂ ਤੱਕ ਮਨਦੀਪ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: Ration Card News: ਰਾਸ਼ਨ ਕਾਰਡ ਮਾਮਲਾ: ਕੇਂਦਰ ਪੰਜਾਬ ਨਾਲ ਵਿਤਕਰਾ ਕਰ ਰਿਹੈ : ਹਰਪਾਲ ਚੀਮਾ
ਮਨਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਪੁੱਤ ਸੀ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਜਿਵੇਂ ਹੀ ਉਸ ਦੀ ਅਚਾਨਕ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਮਾਤਮ ਛਾ ਗਿਆ। ਪੂਰੇ ਪਿੰਡ ’ਚ ਸੋਗ ਦਾ ਮਾਹੌਲ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤੀ ਦੂਤਾਵਾਸ ਨੂੰ ਬੇਨਤੀ ਕੀਤੀ ਹੈ ਕਿ ਮਨਦੀਪ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪਿੰਡ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਨੂੰ ਆਖਰੀ ਵਾਰ ਵੇਖ ਸਕੇ।