Flood News: ਮੰਤਰੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਜਾਣੀਆਂ
Flood News: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਸ਼ੋਭਾ ਕਰੰਦਲਾਜੇ ਨੇ ਭਵਿੱਖ ’ਚ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਨਾਲ ਮਿਲ ਕੇ ਕੰਮ ਤੇ ਸੂਬੇ ਨੂੰ ਇਸਦੇ ਲਈ ਹਰ ਤਰ੍ਹਾਂ ਦੀ ਤਕਨੀਕੀ ਸਪੋਰਟ ਕਰਨ ਦਾ ਭਰੋਸਾ ਦਿੱਤਾ ਹੈ। ਉਹ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅੰਦਰ ਪੈਂਦੇ ਮਕੌੜਾ ਪੱਤਣ ਦਾ ਦੌਰਾ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਕਰੰਦਲਾਜੇ ਨੇ ਕਿਹਾ ਕਿ ਹੜ੍ਹ ਕਾਰਨ ਦਰਿਆ ਰਾਵੀ ਦੇ ਨਾਲ ਲੱਗਦੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਇਸਦੇ ਲਈ ਉਹ ਲੋਕਾਂ ਨੂੰ ਹੌਂਸਲਾ ਬਣਾਈ ਰੱਖਣ ਦੀ ਅਪੀਲ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ। Flood News
Read Also : ਖੇਤਾਂ ’ਚੋਂ ਰੇਤ ਹਟਾਉਣ ’ਤੇ ‘ਸਰਕਾਰੀ ਪਹਿਰਾ’
ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ ਤੇ ਉਨ੍ਹਾਂ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਜਿਸ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਵੱਲੋਂ ਗੁਰਦਾਸਪੁਰ ਗੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹੜ੍ਹਾਂ ਸਬੰਧੀ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲ, ਜ਼ਿਲ੍ਹਾ ਭਾਜਪਾ ਪ੍ਰਧਾਨ ਬਘੇਲ ਸਿੰਘ ਬਾਹੀਆ ਤੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।