Stubble Burning: ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ‘ਜ਼ੀਰੋ ਸਹਿਣਸ਼ੀਲਤਾ’ ਨੀਤੀ ਅਪਣਾਈ ਜਾਵੇਗੀ : ਡਾ. ਸੋਨਾ ਥਿੰਦ

Stubble Burning
ਫਤਹਿਗੜ੍ਹ ਸਾਹਿਬ : ਡਿਪਟੀ ਕਮਿਸਨਰ ਡਾ. ਸੋਨਾ ਥਿੰਦ 2 ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ। ਤਸਵੀਰ : ਅਨਿਲ ਲੁਟਾਵਾ

ਜਾਗਰੂਕਤਾ ਪੈਦਾ ਕਰਨ ਲਈ 2 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Stubble Burning: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਡਿਪਟੀ ਕਮਿਸਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ’ਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਦਾ ਹੋਕਾ ਦੇਣ ਵਾਲੇ 2 ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਡਿਪਟੀ ਕਮਿਸਨਰ ਨੇ ਕਿਹਾ ਕਿ ਜਾਗਰੂਕਤਾ ਵਾਹਨ ਚਲਾਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਨਾਲ ਮਨੁੱਖਾਂ, ਪਸ਼ੂ ਪੰਛੀਆਂ ਅਤੇ ਬਨਸਪਤੀ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ।

ਇਹ ਵੀ ਪੜ੍ਹੋ: Amritsar Drug Smuggler: ਨਸ਼ਾ ਤਸਕਰ ਮਨਦੀਪ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ, 200 ਕਿਲੋ ਹੈਰੋਇਨ ਜ਼ਬਤ

ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵਾਹਨ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਬਲਾਕਾਂ ਵਿੱਚ ਜਾ ਕੇ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰਨਗੇ।  ਡਿਪਟੀ ਕਮਿਸਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣ ਲਈ ਕਿਸਾਨ, ਆਪਣਾ ਬਹੁਮੁੱਲਾ ਯੋਗਦਾਨ ਦੇਣ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ, ਪੀਏ ਟੂ ਡੀਸੀ ਰਣਧੀਰ ਸਿੰਘ ਵੀ ਹਾਜ਼ਰ ਸਨ। Stubble Burning