ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖਤ ਹਦਾਇਤ
Punjab Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਹੁੁਣ ਵੱਡੇ ਪੱਧਰ ’ਤੇ ਗੰਭੀਰ ਬਿਮਾਰੀਆਂ ਦਾ ਡਰ ਸਤਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਥਿਤੀ ਵਿੱਚ ਨਜਿੱਠਣ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦੇ ਹੋਏ ਅਗਲੇ 30 ਦਿਨ ਤੱਕ ਦਿਨ ਰਾਤ ਕੰਮ ਕਰਨ ਲਈ ਕਹਿ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: Fazilka News: ਫਾਜ਼ਿਲਕਾ ’ਚ ਮੁੜ ਹੜ੍ਹ ਦਾ ਪਾਣੀ ਆਉਣ ਕਾਰਨ ਲੋਕਾਂ ਦੀ ਚਿੰਤਾ ਵਧੀ
ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਹੜਾਂ ਕਾਰਨ ਸੂਬੇ ਦੇ ਕਈ ਜ਼ਿਲਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਡਰ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।