ਜੋਗਿੰਦਰ ਉਗਰਾਹਾਂ ਹੋਏ ਧਰਨੇ ਵਿੱਚ ਸ਼ਾਮਿਲ
Punjab Farmers: (ਗੁਰਪ੍ਰੀਤ ਸਿੰਘ) ਸੰਗਰੂਰ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੱਗੇ ਜ਼ੋਰਦਾਰ ਧਰਨਾ ਦੇਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾ ਝਾੜ, ਗੁਰਮੀਤ ਸਿੰਘ ਕਪਿਆਲ, ਰਣਧੀਰ ਸਿੰਘ ਭੱਟੀਵਾਲ, ਕਮਲਜੀਤ ਸਿੰਘ, ਉੱਦਮ ਸਿੰਘ ਸੰਤੋਖਪੁਰਾ, ਜਰਨੈਲ ਸਿੰਘ ਜਹਾਂਗੀਰ, ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਪਰ ਮੁਆਵਜ਼ਾ ਹਾਲੇ ਤੱਕ ਨਹੀਂ ਮਿਲਿਆ।
ਪ੍ਰਦਰਸ਼ਨਕਾਰੀਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਫਸਲਾਂ ਦਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਇਸਦੇ 10% ਦੇ ਹਿਸਾਬ ਨਾਲ ਦਿੱਤਾ ਜਾਵੇ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹਾਂ ਕਾਰਨ ਝੋਨੇ ਅਤੇ ਨਰਮੇ ਦਾ ਝਾੜ ਕ੍ਰਮਵਾਰ 07 ਕੁਇੰਟਲ ਅਤੇ 30-50% ਪ੍ਰਤੀ ਏਕੜ ਤੱਕ ਘਟ ਗਿਆ ਹੈ। ਇਸ ਘਟੇ ਹੋਏ ਝਾੜ ਦੀ ਪ੍ਰਤੀ ਪੂਰਤੀ ਕੀਤੀ ਜਾਵੇ।
ਇਹ ਵੀ ਪੜ੍ਹੋ: Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ
ਦਰਿਆ ਬੁਰਦ ਹੋਈ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ’ਤੇ ਐਕੁਆਇਰ ਕਰਕੇ ਕਿਸਾਨਾਂ ਨੂੰ ਬਦਲਵੀਂ ਜ਼ਮੀਨ ਦਿੱਤੀ ਜਾਵੇ ਜਾਂ ਜੇਕਰ ਕਿਸਾਨ ਚਾਹੁੰਣ ਤਾਂ ਉਨ੍ਹਾਂ ਦੀ ਢੁੱਕਵੀਂ ਕੀਮਤ ਅਦਾ ਕੀਤੀ ਜਾਵੇ, ਹੜ੍ਹਾਂ ਦੌਰਾਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਢਹੇ ਹੋਏ ਮਕਾਨਾਂ ਦਾ 10 ਲੱਖ, ਗਾਂ ਮੱਝ ਵਗੈਰਾ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡ ਬੱਕਰੀ ਵਗੈਰਾ ਛੋਟੇ ਪਸ਼ੂਆਂ ਦਾ 20 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਪਰਿਵਾਰ ਇੱਕ ਮੁਸਤ ਸਹਾਇਤਾ ਤੁਰੰਤ ਦਿੱਤੀ ਜਾਵੇ, ਗੰਨਾ ਕਾਸਤਕਾਰਾਂ ਨੂੰ ਗੰਨੇ ਦਾ ਬੀਜ ਮੁਫਤ ਮੁਹੱਈਆ ਕਰਵਾਇਆ ਜਾਵੇ, ਗੰਨੇ ਦੀ ਨੁਕਸਾਨੀ ਫਸਲ ਦਾ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਆਦਿ ਇਸ ਤੋਂ ਉਨ੍ਹਾਂ ਹੋਰ ਕਿਸਾਨੀ ਮੰਗਾਂ ਦਾ ਜ਼ਿਕਰ ਵੀ ਕੀਤਾ। Punjab Farmers
ਇਸ ਮੌਕੇ ਅਮਰੀਕ ਸਿੰਘ ਗੰਡੂਆਂ ਜ਼ਿਲ੍ਹਾ ਪ੍ਰਧਾਨ ਉਗਰਾਹਾਂ, ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਮਨਜੀਤ ਕੌਰ ਤੋਲਾਵਾਲ, ਸੁਖਦੇਵ ਸਿੰਘ ਉਭਾਵਾਲ, ਕੁਲਵਿੰਦਰ ਸਿੰਘ ਮਾਝਾ, ਭਜਨ ਸਿੰਘ ਢੱਡਰੀਆਂ, ਕਰਮ ਸਿੰਘ ਬਲਿਆਲ, ਜ਼ਿਲ੍ਹਾ ਪ੍ਰਧਾਨ ਡਕੌਂਦਾ ਸਮੇਤ ਹੋਰ ਵੀ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਹੋਈਆਂ।