
ਵਿਰੋਧੀ ਪਾਰਟੀਆਂ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਭਗਵੰਤ ਮਾਨ
Punjab News: (ਸੁਖਜੀਤ ਮਾਨ) ਬਠਿੰਡਾ/ਰਾਮਪੁਰਾ ਫੂਲ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਰਾਮਪੁਰਾ ਫੂਲ ਵਿਖੇ ਨਵੇਂ ਬਣੇ ਓਵਰ ਬ੍ਰਿਜ ਦਾ ਉਦਘਾਟਨ ਕਰਦਿਆਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਇਸ ਮੌਕੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਨੂੰ ਗੁਆਂਢੀ ਜ਼ਿਲ੍ਹਿਆਂ ਦੇ ਲੋਕਾਂ, ਖਾਸ ਕਰਕੇ ਮਾਲਵਾ ਖੇਤਰ ਦੇ ਲੋਕਾਂ ਲਈ ਇੱਕ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ 63 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ 1,130 ਮੀਟਰ ਲੰਬਾ ਪੁਲ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਇਸ ਪੁਲ ਦੀ ਉਸਾਰੀ ਤੋਂ ਪਹਿਲਾਂ ਰੇਲਵੇ ਫਾਟਕ ਦੇ ਵਾਰ-ਵਾਰ ਬੰਦ ਹੋਣ ਕਾਰਨ ਲੋਕਾਂ ਨੂੰ ਅਕਸਰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਪੁਲ ਦੇ ਨਿਰਮਾਣ ਨਾਲ ਆਵਾਜਾਈ ਆਸਾਨ ਹੋ ਜਾਵੇਗੀ ਅਤੇ ਇਸ ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ। ਸਕੂਲੀ ਵਿਦਿਆਰਥੀਆਂ ਨੂੰ ਵੀ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਕਿਉਂਕਿ ਉਹ ਹੁਣ ਸਮੇਂ ਸਿਰ ਆਪਣੇ ਸਕੂਲਾਂ ਤੱਕ ਪਹੁੰਚ ਸਕਣਗੇ। ਇਸ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਇਸ ਆਰ.ਓ.ਬੀ. ਦੀ ਮੰਗ ਕਰ ਰਹੇ ਸਨ ਅਤੇ ਇਸ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ, ਸਗੋਂ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ: ਮਾਪੇ ਬੱਚਿਆਂ ਨੂੰ ਆਪਣਾ ਰਾਹ ਆਪ ਚੁਨਣ ਦਾ ਮੌਕਾ ਦੇਣ: CM Punjab
ਇਹ ਪੁਲ ਰਾਮਪੁਰਾ ਸ਼ਹਿਰ ਦੇ ਦੋ ਹਿੱਸਿਆਂ ਨੂੰ ਪਟਿਆਲਾ ਮੰਡੀ ਅਤੇ ਨਾਭਾ ਮੰਡੀ ਨਾਲ ਜੋੜ ਕੇ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਸੰਬੋਧਨ ਦੌਰਾਨ ਸਰਕਾਰ ਵਿਰੋਧੀ ਧਿਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਸੁਖਬੀਰ ਬਾਦਲ ਦੇ ਕਿਸਾਨ ਹੋਣ ਦੇ ਦਾਅਵੇ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਨੂੰ ਇਹ ਰਾਜ ਹਰ ਇੱਕ ਨੂੰ ਖੁੱਲ੍ਹ ਕੇ ਦੱਸਣਾ ਚਾਹੀਦਾ ਹੈ ਕਿ ਖੇਤੀ ਕਰਕੇ ਇੰਨਾ ਵੱਡਾ ਟਰਾਂਸਪੋਰਟ ਕਾਰੋਬਾਰ ਅਤੇ ਹੋਟਲ ਕਿਵੇਂ ਬਣਾਏ ਜਾ ਸਕਦੇ ਹਨ। ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਨੇ ਸੂਬੇ ਦੀ ਦੌਲਤ ਨੂੰ ਰੱਜ ਕੇ ਲੁੱਟਿਆ ਹੈ, ਜਿਸ ਨਾਲ ਉਨ੍ਹਾਂ ਨੇ ਆਪਣੇ ਇਹ ਵੱਡੇ ਕਾਰੋਬਾਰ ਸਥਾਪਤ ਕੀਤੇ ਹਨ। Punjab News
ਇਸ ਮੌਕੇ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਨਗਰ ਕੌਂਸਲ ਦੇ ਪ੍ਰਧਾਨ ਕਿਰਨਦੀਪ ਕੌਰ ਬਰਾੜ, ਸਮੂਹ ਕੌਂਸਲਰਾਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।