
DIG Harcharan Singh Bhullar ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ, ਘਰੋਂ ਪੰਜ ਕਰੋੜ ਦੀ ਨਗਦੀ ਵੀ ਬਰਾਮਦ
ਚੰਡੀਗੜ੍ਹ/ਮੁਹਾਲੀ (ਐੱਮਕੇ ਸ਼ਾਇਨਾ)। ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਵੀਰਵਾਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ’ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਮੰਡੀ ਗੋਬਿੰਦਗੜ੍ਹ ਦੇ ਇੱਕ ਕਬਾੜ ਦੇ ਵਪਾਰੀ ਵੱਲੋਂ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੀਬੀਆਈ ਦੀ ਟੀਮ ਨੇ ਉਨ੍ਹਾਂ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀ ਨੇ ਡੀਆਈਜੀ ਦੀ ਸੈਕਟਰ 40 ਵਿਖੇ ਕੋਠੀ ’ਚ ਛਾਪਾ ਮਾਰ ਕੇ 5 ਕਰੋੜ ਦੀ ਨਗਦੀ, ਲਗਜ਼ਰੀ ਘੜੀਆਂ ਤੇ ਗੱਡੀਆਂ ਵੀ ਬਰਾਮਦ ਕੀਤੀਆਂ।
ਦੱਸ ਦਈਏ ਕਿ ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈਪੀਐੱਸ ਅਫ਼ਸਰ ਹਨ ਅਤੇ ਪੰਜਾਬ ਪੁਲਿਸ ਵਿਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਰਹਿ ਚੁੱਕੇ ਹਨ। ਹੁਣ ਤੱਕ ਉਹ ਆਪਣੀ ਸਖ਼ਤ ਕਾਰਵਾਈ ਅਤੇ ਇਮਾਨਦਾਰ ਛਵੀ ਲਈ ਜਾਣੇ ਜਾਂਦੇ ਰਹੇ ਹਨ। ਡਰੱਗ ਮਾਫੀਆ, ਸੰਗਠਿਤ ਅਪਰਾਧ ਤੇ ਸਮਾਜਿਕ ਸੁਰੱਖਿਆ ਸਬੰਧੀ ਮਾਮਲਿਆਂ ’ਤੇ ਉਨ੍ਹਾਂ ਨੇ ਕਈ ਕਦਮ ਚੁੱਕੇ ਸਨ।
Harcharan Singh Bhullar
ਜਾਣਕਾਰੀ ਅਨੁਸਾਰ ਸੀਬੀਆਈ ਨੂੰ ਸ਼ਿਕਾਇਤ ਮਿਲੀ ਸੀ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਮਹੀਨੇਵਾਰ ਪੰਜ ਲੱਖ ਰੁਪਏ ਰਿਸ਼ਵਤ ਵਜੋਂ ਲੈ ਰਹੇ ਸਨ। ਇਸ ਬਾਰੇ ਚੰਡੀਗੜ੍ਹ ਯੂਨਿਟ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਮਾਮਲਾ ਕਦੋਂ ਤੇ ਕਿਵੇਂ ਸ਼ੁਰੂ ਹੋਇਆ। ਦਰਅਸਲ ਕਬਾੜ ਦੇਖ ਵਪਾਰੀ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਭੁੱਲਰ ਨੇ ਉਨ੍ਹਾਂ ਤੋਂ ਆਪਣਾ ਗੈਰ-ਕਾਨੂੰਨੀ ਕਾਰ ਕਾਰੋਬਾਰ ਜਾਰੀ ਰੱਖਣ ਦੀ ਇਜਾਜ਼ਤ ਦੇਣ ਦੇ ਬਦਲੇ ਮਹੀਨਾਵਾਰ ਰਿਸ਼ਵਤ ਮੰਗੀ ਸੀ। ਡੀਆਈਜੀ ਨੇ ਪਹਿਲਾਂ ਦੋ ਲੱਖ ਰੁਪਏ ਦੀ ਮੰਗ ਕੀਤੀ ਸੀ, ਪਰ ਬਾਅਦ ਵਿੱਚ ਇਹ ਰਕਮ ਵਧਾ ਕੇ ਪੰਜ ਲੱਖ ਰੁਪਏ ਕਰ ਦਿੱਤੀ।
Read Also : ਔਰਤਾਂ ਦੇ ਮੁਫਤ ਬੱਸ ਸਫਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਦੀਵਾਲੀ ਫਿੱਕੀ ਪਾਈ
ਸ਼ਿਕਾਇਤ ਤੋਂ ਬਾਅਦ ਸੀਬੀਆਈ ਨੇ ਇੱਕ ਗੁਪਤ ਟੀਮ ਬਣਾਈ ਅਤੇ ਜਾਲ ਵਿਛਾਇਆ। ਕਾਰੋਬਾਰੀ ਨੇ ਮੁਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਭੁੱਲਰ ਨੂੰ ਪੈਸੇ ਸੌਂਪ ਦਿੱਤੇ। ਜਿਉਂ ਹੀ ਭੁੱਲਰ ਨੇ ਪੈਸੇ ਸਵੀਕਾਰ ਕੀਤੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਭੁੱਲਰ ਨੇ ਰਿਸ਼ਵਤ ਲੈਣ ਦੀ ਗੱਲ ਕਬੂਲ ਕਰ ਲਈ। ਹੁਣ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (ਪੀਸੀ ਐਕਟ) ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਸੀਬੀਆਈ ਵੱਲੋਂ ਇਸ ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੇ ਅਨੁਸਾਰ ਸੀਬੀਆਈ ਨੇ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਮੁਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਅਤੇ ਰਿਹਾਇਸ਼ੀ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਹੈ। ਏਜੰਸੀ ਵੱਲੋਂ ਕਈ ਮਹੱਤਵਪੂਰਨਦਸਤਾਵੇਜ਼ ਅਤੇ ਡਿਜ਼ਿਟਲ ਰਿਕਾਰਡ ਜ਼ਬਤ ਕੀਤੇ ਗਏ ਹਨ। ਸੀਬੀਆਈ ਵੱਲੋਂ ਜਲਦ ਹੀ ਇਸ ਮਾਮਲੇ ਬਾਰੇ ਲੰਮੀ-ਚੌੜੀ ਜਾਣਕਾਰੀ ਸਾਂਝੀ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਗ੍ਰਿਫ਼ਤਾਰੀ ਤੋਂ ਬਾਅਦ ਕੋਈ ਤੁਰੰਤ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।
ਉੱਧਰ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਰਿਸ਼ਵਤਖੋਰੀ ਨਾਲ ਜੁੜਿਆ ਹੈ ਅਤੇ ਸਰਕਾਰ ਕਿਸੇ ਵੀ ਹਾਲਤ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।
ਇਮਾਨਦਾਰ ਅਤੇ ਸਖ਼ਤ ਅਫਸਰ ਵਜੋਂ ਜਾਣੇ ਜਾਂਦੇ ਸਨ ਭੁੱਲਰ
ਹਰਚਰਨ ਸਿੰਘ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੂਪਨਗਰ ਰੇਂਜ ਵਿਚ 288 ਐੱਫਆਈਆਰਾਂ ਦਰਜ ਕਰਵਾਈਆਂ ਅਤੇ 452 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਰਾਹੀਂ ਨਸ਼ੇ ਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ। ਅਪਰੈਲ 2024 ਵਿਚ ਸੰਗਰੂਰ ਜੇਲ੍ਹ ਹਿੰਸਾ ਮਾਮਲੇ ਦੀ ਨਿਆਂਇਕ ਜਾਂਚ ਦੀ ਨਿਗਰਾਨੀ ਵੀ ਉਨ੍ਹਾਂ ਨੇ ਕੀਤੀ ਸੀ। ਪਟਿਆਲਾ ਰੇਂਜ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ-ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲੇ ਕੀਤੇ। ਹਰਚਰਨ ਸਿੰਘ ਭੁੱਲਰ ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੇ ਪੁੱਤਰ ਹਨ ਤੇ ਉਨ੍ਹਾਂ ਦੇ ਛੋਟੇ ਭਰਾ ਕੁਲਦੀਪ ਸਿੰਘ ਭੁੱਲਰ ਕਾਂਗਰਸ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।