Punjab Police: ਮੁੱਖ ਮੰਤਰੀ ਮਾਨ ਨੇ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਕਰਵਾਈ ਸ਼ੁਰੂਆਤ
- ਛੇ ਦਿਨਾਂ ਸਿਖਲਾਈ ਜਾਂਚ ’ਚ 730 ਜਾਂਚ ਅਧਿਕਾਰੀ ਲੈਣਗੇ ਹਿੱਸਾ
Punjab Police: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਲਾਅ ਯੂਨੀਵਰਸਿਟੀ ਵਿਖੇ ਅੱਜ ਤਫਤੀਸ਼ੀ ਅਫਸਰਾਂ ਦੀ ਟ੍ਰੇਨਿੰਗ ਵਰਕਸ਼ਾਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਿਸ ਦੀ ਗਿਣਤੀ 80,000 ਸੀ, ਜੋ ਅੱਜ ਵੀ ਲਗਭਗ ਓਨੀ ਹੀ ਹੈ।
ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬ ਪੁਲਿਸ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇੱਕ ਨਵੀਂ ਅਤੇ ਮਹੱਤਵਪੂਰਨ ਪਹਿਲਕਦਮੀ ਤਹਿਤ ਇਸ ਛੇ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਕੁੱਲ 730 ਜਾਂਚ ਅਧਿਕਾਰੀ ਹਿੱਸਾ ਲੈਣਗੇ। Punjab Police
Read Also : ਕੱਚੇ ਕਾਮੇ ਤਰਨ ਤਾਰਨ ਜ਼ਿਮਨੀ ਚੋਣ ’ਚ ਪਾਉਣਗੇ ਖਰੂਦ!
ਉਨ੍ਹਾਂ ਕਿਹਾ ਕਿ ਐੱਨਡੀਪੀਐੱਸ ਐਕਟ ਤਹਿਤ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਨਵੀਆਂ ਅਤੇ ਉੱਨਤ ਤਕਨੀਕਾਂ ਅਪਣਾ ਰਹੇ ਅਪਰਾਧੀਆਂ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਜ਼ਰੂਰੀ ਹੈ।
ਪਹਿਲਾਂ ਜਦੋਂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਸੀ ਤਾਂ ਉਹ ਉਹ ਅਕਸਰ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਹਿਲਾਂ ਸਿਆਸੀ ਦਖਲਅੰਦਾਜ਼ੀ ਵੀ ਕਾਫੀ ਜ਼ਿਆਦਾ ਹੁੰਦੀ ਸੀ, ਜਿਸ ਨਾਲ ਤਸਕਰਾਂ ਨੂੰ ਰਿਹਾਅ ਹੋਣ ਵਿੱਚ ਮਦਦ ਮਿਲਦੀ ਸੀ, ਪਰ ਹੁਣ ਅਜਿਹੀ ਕਿਸੇ ਵੀ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ।
Punjab Police
ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਲਈ ਵੱਡੀ ਲੋਕ ਲਹਿਰ ਖੜ੍ਹੀ ਕਰਨ ਲੋੜ ਹੈ, ਜਿਸ ਲਈ ਨਾਗਰਿਕਾਂ ਨੂੰ ਇਸ ਲੜਾਈ ਵਿੱਚ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ, ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਦੇ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ, ਰਜਿਸਟਰਾਰ ਡਾ. ਇਵਨੀਤ ਵਾਲੀਆ, ਟ੍ਰੇਨਿੰਗ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਅਭਿਨੰਦਨ ਬਸੀ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਵੱਡੀ ਗਿਣਤੀ ਪੁਲਿਸ ਅਧਿਕਾਰੀ ਮੌਜ਼ੂਦ ਸਨ।
ਪੁਲਿਸ ਮੁਲਾਜ਼ਮਾਂ ਦੇੇ 27 ਬੈਚ ਕਰਨਗੇ ਸਿਖਲਾਈ ਪ੍ਰਾਪਤ
ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਦੀ ਪ੍ਰਭਾਵਸ਼ਾਲੀ ਜਾਂਚ ਲਈ ਜ਼ਰੂਰੀ ਪ੍ਰਕਿਰਿਆਵਾਂ, ਕਾਨੂੰਨੀ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਪੁਲਿਸ ਅਧਿਕਾਰੀਆਂ ਦੇ 27 ਬੈਚ ਇਹ ਸਿਖਲਾਈ ਪ੍ਰਾਪਤ ਕਰਨਗੇ।
‘ਇੱਕਾ-ਦੁੱਕਾ ਮਾੜਾ ਵਿਅਕਤੀ ਹਰ ਕਿਤੇ ਹੁੰਦੈ’
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਇੱਕਾ ਦੁੱਕਾ ਵਿਅਕਤੀ ਮਾੜਾ ਹਰ ਕਿਤੇ ਹੁੰਦਾ ਹੈ, ਜਿਸ ਕਰਕੇ ਸਾਰਿਆਂ ਨੂੰ ਬਦਨਾਮੀ ਝੱਲਣੀ ਪੈਂਦੀ ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਸਾਰੇ ਹੀ ਮਾੜੇ ਹਨ। ਚਰਚਾ ਹੈ ਕਿ ਉਹ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਫੜੇ ਗਏ ਡੀਆਈਜੀ ਵੱਲ ਇਸ਼ਾਰਾ ਕਰ ਰਹੇ ਸਨ।














