Punjab Cabinet: ਬੀਬੀਐੱਮਬੀ ਲਈ 2458 ਮੁਲਾਜ਼ਮਾਂ ਦਾ ਵੱਖਰਾ ਕੈਡਰ ਸਿਰਜਣ ਦੀ ਪ੍ਰਵਾਨਗੀ
- ਸੀਡੀਪੀਓਜ਼ ਦੀਆਂ 16 ਖਾਲੀ ਅਸਾਮੀਆਂ ਬਹਾਲ ਕਰਨ ਦੀ ਪ੍ਰਵਾਨਗੀ
- ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ 311 ਨਰਸਾਂ ਦੀ ਭਰਤੀ ’ਤੇ ਮੋਹਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੰਤਰੀ ਮੰਡਲ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2458 ਮੁਲਾਜ਼ਮਾਂ ਦਾ ਵੱਖਰਾ ਕਾਡਰ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।
ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ ਪ੍ਰੀਸਦ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਦੇਖਿਆ ਗਿਆ ਕਿ ਬੀਬੀਐੱਮਬੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਕੋਟੇ ਦੀਆਂ ਅਸਾਮੀਆਂ ਖਾਲੀ ਹਨ, ਜਿਸ ਕਾਰਨ ਬੋਰਡ ਨੇ ਆਪਣੇ ਕਾਡਰ ਨਾਲ ਪੰਜਾਬ ਕੋਟੇ ਦੀਆਂ ਅਸਾਮੀਆਂ ਭਰ ਲਈਆਂ ਸਨ, ਜਿਸ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਇਸ ਕੈਡਰ ਦੇ ਹੀ ਮੁਲਾਜ਼ਮਾਂ ਨੂੰ ਬੀਬੀਐੱਮਬੀ ਵਿੱਚ ਭੇਜਣ ਦਾ ਫੈਸਲਾ ਕਰ ਲਿਆ ਗਿਆ ਹੈ। ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਾਸਤੇ ਇਸ ਭਰਤੀ ਲਈ 2458 ਅਸਾਮੀਆਂ ਸਿਰਜਣ ਅਤੇ ਵੱਖ-ਵੱਖ ਵਿਭਾਗਾਂ ਦੀਆਂ ਅਸਾਮੀਆਂ ਸਬੰਧੀ ਨਿਯਮ ਅਪਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ (ਸੀਡੀਪੀਓਜ) ਦੀਆਂ 16 ਖਾਲੀ ਅਸਾਮੀਆਂ ਨੂੰ ਬਹਾਲ ਕਰਕੇ ਪੀਪੀਐੱਸਸੀ ਰਾਹੀਂ ਇਸ ਦੀ ਭਰਤੀ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਸੀਡੀਪੀਓ ਆਈਸੀਡੀਐੱਸ, ਪੋਸ਼ਣ, ਸਮਾਜਿਕ ਸੁਰੱਖਿਆ ਅਤੇ ਮਹਿਲਾ ਭਲਾਈ ਅਧੀਨ ਪ੍ਰਮੁੱਖ ਯੋਜਨਾਵਾਂ ਲਈ ਮੁੱਢਲੇ ਤੌਰ ’ਤੇ ਲਾਗੂ ਕਰਨ ਵਾਲੇ ਅਧਿਕਾਰੀ ਹਨ ਅਤੇ ਜ਼ਮੀਨੀ ਪੱਧਰ ’ਤੇ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਹਰੇਕ ਬਲਾਕ ਵਾਸਤੇ ਸੀਡੀਪੀਓ ਦੀ ਲੋੜ ਹੁੰਦੀ ਹੈ। Punjab Cabinet
ਇਹ ਬਹਾਲਗੀ ਬਲਾਕ ਪੱਧਰ ’ਤੇ ਢੁਕਵੇਂ ਸਟਾਫ ਨੂੰ ਯਕੀਨੀ ਬਣਾਵੇਗੀ, ਜਿਸ ਨਾਲ ਭਲਾਈ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂਕਰਨ, ਫੀਲਡ ਨਿਗਰਾਨੀ ਵਿੱਚ ਪ੍ਰਸ਼ਾਸਕੀ ਪਾੜੇ ਨੂੰ ਪੂਰਨ ਅਤੇ ਆਈਸੀਡੀਐੱਸ/ਪੋਸ਼ਣ ਅਧੀਨ ਪ੍ਰੋਗਰਾਮ ਦੇ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।
Punjab Cabinet
ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਜਨਤਕ ਸਿਹਤ ਸੰਸਥਾਵਾਂ ਦੀ ਸਮਰੱਥਾ ਵਧਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Read Also : ਭਲਕੇ ਸ਼ਹਿਰ ’ਚ ਬੰਦ ਰਹੇਗੀ ਬਿਜ਼ਲੀ, ਜਾਣੋ ਕਦੋਂ ਤੱਕ
ਇਹ ਫ਼ੈਸਲਾ ਹਸਪਤਾਲਾਂ ਅਤੇ ਮੈਡੀਕਲ ਸੰਸਥਾਵਾਂ ਵਿੱਚ ਮਨੁੱਖੀ ਸਰੋਤ ਦੇ ਮੁੱਖ ਪਾੜੇ ਨੂੰ ਪੂਰਨ ਲਈ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਇਸ ਵੇਲੇ 400 ਤੋਂ ਵੱਧ ਹੋਰ ਨਰਸਾਂ ਦੀ ਭਰਤੀ ਚੱਲ ਰਹੀ ਹੈ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਸਿਹਤ ਸੰਭਾਲ ਸਹੂਲਤ ਵਿੱਚ ਮਿਆਰੀ ਨਰਸਿੰਗ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਢੁਕਵਾਂ ਸਟਾਫ ਹੋਵੇ। ਦੱਸਣਯੋਗ ਹੈ ਕਿ ਇਹ ਨਰਸਾਂ ਦਸੰਬਰ ਦੇ ਪਹਿਲੇ ਹਫਤੇ ਤੋਂ ਪਹਿਲਾਂ ਜੁਆਇਨ ਕਰ ਲੈਣਗੀਆਂ।
24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਸਹਿਮਤੀ
ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੇ ਹਿੱਸੇ ਵਜੋਂ 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਉਣ ਲਈ ਵੀ ਸਹਿਮਤੀ ਦਿੱਤੀ। ਇਹ ਇਜਲਾਸ 24 ਨਵੰਬਰ ਨੂੰ ਪਵਿੱਤਰ ਸ਼ਹਿਰ ਦੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਹੋਵੇਗਾ।
ਮੈਡੀਕਲ ਟੀਚਿੰਗ ਫੈਕਲਟੀ ਸੇਵਾ-ਮੁਕਤੀ ਉਮਰ ’ਚ ਵਾਧਾ
ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਰਾਹੀਂ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾ-ਮੁਕਤੀ ਉਮਰ ਮੌਜ਼ੂਦਾ 62 ਤੋਂ ਵਧਾ ਕੇ 65 ਸਾਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਉਮਰ ਪਹਿਲਾਂ 62 ਸਾਲ ਸੀ ਪਰ ਭਾਰਤ ਸਰਕਾਰ ਦੇ ਸੰਸਥਾਨਾਂ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ ਅਤੇ ਚੰਡੀਗੜ੍ਹ (ਯੂਟੀ) ਵਿੱਚ ਇਹ 65 ਸਾਲ ਹੈ। ਇਹ ਕਦਮ ਫੈਕਲਟੀ ਰਿਟੈਂਸ਼ਨ ਅਤੇ ਸੰਸਥਾਗਤ ਸਥਿਰਤਾ ’ਚ ਮਜ਼ਬੂਤੀ, ਮੈਡੀਕਲ ਕਾਲਜਾਂ ਦੇ ਵਿਸਥਾਰ ਦਰਮਿਆਨ ਮੈਡੀਕਲ ਸਿੱਖਿਆ ਮਾਹੌਲ ਨੂੰ ਮਜ਼ਬੂਤ ਕਰਨ ਅਤੇ ਮਰੀਜ਼ ਦੇਖਭਾਲ ਸੇਵਾਵਾਂ ਦੀ ਬਿਹਤਰੀ ਅਤੇ ਅਕਾਦਮਿਕ ਲੀਡਰਸ਼ਿਪ ਨਿਰੰਤਰਤਾ ਨੂੰ ਯਕੀਨੀ ਬਣਾਉਣ ’ਚ ਮਦਦ ਕਰੇਗਾ।














