Panjab University Chandigarh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਿਛਲੇ ਲਗਭਗ ਇੱਕ ਮਹੀਨੇ ਤੋਂ ਪੰਜਾਬ ਯੂਨੀਵਰਸਿਟੀ ਵਿਖੇ ਸੀਨੇਟ ਚੋਣਾਂ ਸਬੰਧੀ ਧਰਨਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੂੰ ਜਿੱਤ ਹਾਸਲ ਹੋਈ ਹੈ। ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੀਨੇਟ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਾਰੀਖ਼ ਦਾ ਐਲਾਨ ਉਪ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੀਤਾ ਗਿਆ ਹੈ।
ਇਸ ਸਬੰਧੀ ਯੂਨੀਵਰਸਿਟੀ ਦੀ ਸਕੱਤਰ ਵੱਲੋਂ ਚੋਣਾਂ ਸਬੰਧੀ ਸਾਰੀ ਜਾਣਕਾਰੀ ਜਨਤਕ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੱਡੇ ਪੱਧਰ ’ਤੇ ਖ਼ੁਸ਼ੀ ਜ਼ਾਹਰ ਕਰਦੇ ਹੋਏ ਜੇਤੂ ਮਾਰਚ ਵੀ ਕੱਢਿਆ ਗਿਆ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇਸ ਨੂੰ ਆਪਣੀ ਜਿੱਤ ਕਰਾਰ ਦਿੱਤਾ ਗਿਆ ਤਾਂ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਵੱਲੋਂ ਇਸ ਐਲਾਨ ਦਾ ਸੁਆਗਤ ਵੀ ਕੀਤਾ ਗਿਆ ਹੈ। Panjab University Chandigarh
Read Also : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੀ ਕੀਤੀ ਖੂਬ ਸ਼ਲਾਘਾ
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਦਾ ਕਾਰਜਕਾਲ 5 ਸਾਲ ਲਈ ਹੁੰਦਾ ਹੈ ਅਤੇ 31 ਅਕਤੂਬਰ 2024 ਨੂੰ ਯੂਨੀਵਰਸਿਟੀ ਦੀ ਸੀਨੇਟ ਨੂੰ ਭੰਗ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਤੱਕ ਨਵੀਂ ਸੀਨੇਟ ਦੀ ਚੋਣ ਲਈ ਤਾਰੀਖ਼ਾਂ ਦਾ ਐਲਾਨ ਨਹੀਂ ਕੀਤਾ ਜਾ ਰਿਹਾ ਸੀ। ਲਗਭਗ ਇੱਕ ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਇਨ੍ਹਾਂ ਚੋਣਾਂ ਨੂੰ ਕਰਵਾਏ ਜਾਣ ਲਈ ਪੱਕੇ ਤੌਰ ’ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ। ਹੁਣ ਸੀਨੇਟ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਇਸ ਪੱਕੇ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।














