Punjab Government: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿਧਾਇਕ ਹਲਕਾ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਪਿੰਡ ਸਾਧਾਂ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਸਮਾਜ ਦੇ ਹਰ ਵਰਗ, ਖਾਸ ਕਰਕੇ ਵੱਡੀ ਉਮਰ ਦੇ ਨਾਗਰਿਕਾਂ, ਮਹਿਲਾਵਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਇਹ ਵੀ ਪੜ੍ਹੋ: India GDP: ਭਾਰਤ 2030 ਤੱਕ 7.3 ਟ੍ਰਿਲੀਅਨ ਡਾਲਰ ਦੀ ਜੀਡੀਪੀ ਨਾਲ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ
ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਆਸਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਅੰਮ੍ਰਿਤਸਰ ਦੇ ਦਰਸ਼ਨਾਂ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਾਂਝੀ ਵਿਰਾਸਤ ਪ੍ਰਤੀ ਸਤਿਕਾਰ ਹੋਰ ਮਜ਼ਬੂਤ ਹੁੰਦਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੈਤੋ ਹਲਕੇ ਦੇ ਪਿੰਡ ਔਲਖ ਤੋਂ ਸ਼ਰਧਾਲੂਆਂ ਦੇ ਜੱਥੇ ਨਾਲ ਬੱਸ ਰਵਾਨਾ ਹੋਈ। ਇਸ ਮੌਕੇ ਬੀਡੀਪੀਓ ਫ਼ਰੀਦਕੋਟ ਨੱਥਾ ਸਿੰਘ, ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਵਰਕਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। Punjab Government













