ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ : ਨਿਲਾਂਬਰੀ ਜਗਦਲੇ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੁੱਲ 3125 ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕਰਕੇ 4144 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 95 ਕਿਲੋ ਤੋਂ ਵੱਧ ਹੈਰੋਇਨ, 106 ਕਿਲੋ ਅਫੀਮ, 11 ਹਜ਼ਾਰ ਕਿਲੋ ਤੋਂ ਵੱਧ ਭੁੱਕੀ ਚੂਰਾ, 13 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸ਼ੂਲ ਅਤੇ ਲਗਭਗ 62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਇਸ ਦੌਰਾਨ ਪਾਕਿਸਤਾਨ ਸਮਰਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 12.1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ ਲਗਭਗ 14.70 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸੈਂਕੜੇ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਅਤੇ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਹੋਏ। ਸਾਈਬਰ ਅਪਰਾਧਾਂ ਦੇ ਮਾਮਲਿਆਂ ਵਿੱਚ ਵੀ ਤੁਰੰਤ ਕਾਰਵਾਈ ਕਰਕੇ 2.05 ਕਰੋੜ ਰੁਪਏ ਤੋਂ ਵੱਧ ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ ਗਈ।
ਇਹ ਵੀ ਪੜ੍ਹੋ: Donald Trump: ਤੇਲ ਜ਼ਬਤ ਕਰਨ ਤੋਂ ਬਾਅਦ ਟਰੰਪ ਦਾ ਨਵਾਂ ਫ਼ਰਮਾਨ
ਜਨਤਾ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਉਣ ਲਈ ਫ਼ਰੀਦਕੋਟ ਰੇਂਜ ਦੇ ਜ਼ਿਲ੍ਹਿਆਂ ਵਿੱਚ ਕੁੱਲ 120 ਰਾਹਤ ਕੈਂਪ ਲਾਏ ਗਏ ਅਤੇ ਇਨ੍ਹਾਂ ਕੈਂਪਾਂ ਦੌਰਾਨ 7248 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਲਈ ਫ਼ਰੀਦਕੋਟ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਸਾਲ 2025 ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਦੇ ਕੁੱਲ 92350 ਚਲਾਨ ਕੀਤੇ ਗਏ ।
ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਹਿਯੋਗ ਦੇਣ ਲੋਕ
ਫ਼ਰੀਦਕੋਟ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਸੰਗਠਿਤ ਅਪਰਾਧ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਦਿਆਂ 666 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੀ.ਓ/ਭਗੋੜਿਆ ਖਿਲਾਫ ਕਾਰਵਾਈ ਕਰਦਿਆਂ 330 ਪੀ.ਓ/ਭਗੋੜਿਆ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਨਸ਼ਿਆਂ ਦੇ ਭੈੜੇ ਨਤੀਜਿਆਂ ਤੋਂ ਜਾਗਰੂਕ ਕਰਨ ਲਈ ਕੁੱਲ 1985 ਮੀਟਿੰਗਾਂ/ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਹਿਯੋਗ ਦਿੰਦੇ ਹੋਏ ਸੇਫ਼ ਪੰਜਾਬ ਹੈਲਪਲਾਈਨ 97791-00200 ‘ਤੇ ਗੁਪਤ ਜਾਣਕਾਰੀ ਸਾਂਝੀ ਕਰਨ।














