Health Insurance: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਜਾਣਕਾਰੀ
- ਮੁਹਾਲੀ ਵਿੱਚ ਭਲਕੇ ਤੋਂ ਅੱਠ ਥਾਵਾਂ ’ਤੇ ਪਾਇਲਟ ਰਜਿਸਟਰੇਸ਼ਨ ਦੀ ਸ਼ੁਰੂਆਤ
Health Insurance: ਮੁਹਾਲੀ (ਐੱਮਕੇ ਸ਼ਾਇਨਾ)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪੰਜਾਬ ਭਰ ਵਿੱਚ 22 ਜਨਵਰੀ ਤੋਂ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਮੰਗਲਵਾਰ ਤੋਂ ਅੱਠ ਥਾਵਾਂ ’ਤੇ ਪਾਇਲਟ ਰਜਿਸਟਰੇਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਕੀਮ ਤਹਿਤ ਵਾਧੂ 5 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਜਾਵੇਗਾ। Health Insurance
Read Also : ਕੜਾਕੇ ਦੀ ਠੰਢ ਸਬੰਧੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਲਰਟ ਜਾਰੀ
ਮੁਹਾਲੀ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 274 ਰਜਿਸਟਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਾਮਨ ਸਰਵਿਸ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਡਿਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਘੜੂਆਂ ਅਤੇ ਡੇਰਾਬੱਸੀ ਸਿਹਤ ਬਲਾਕਾਂ ਵਿੱਚ ਕੱਲ੍ਹ ਤੋਂ 8 ਥਾਵਾਂ ’ਤੇ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਹ ਪ੍ਰਕਿਰਿਆ ਹੋਰ ਸਥਾਨਾਂ ਤੱਕ ਲਿਜਾਈ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਜਿਸਟਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਪ੍ਰਸ਼ਾਸਨਿਕ ਪੱਖੋਂ ਅਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈਲਪਮੈਂਟ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫ਼ਤਰਾਂ ਵਿੱਚ ਤਾਇਨਾਤ ਸਾਰੇ ਡਿਪਟੀ ਮੈਡੀਕਲ ਕਮਿਸ਼ਨਰ ਨੋਡਲ ਅਫ਼ਸਰ ਹੋਣਗੇ।














