ਸਾਡੇ ਨਾਲ ਸ਼ਾਮਲ

Follow us

14.5 C
Chandigarh
Saturday, January 31, 2026
More
    Home Breaking News PRTC News: ਜੁ...

    PRTC News: ਜੁਝਾਰੂ ਆਗੂ ਹਰਪਾਲ ਜੁਨੇਜਾ ਨੇ ਪੀਆਰਟੀਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

    PRTC-News
    PRTC News: ਜੁਝਾਰੂ ਆਗੂ ਹਰਪਾਲ ਜੁਨੇਜਾ ਨੇ ਪੀਆਰਟੀਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

    ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ,ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਜੁਨੇਜਾ ਨੂੰ ਵਧਾਈ

    PRTC News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਬਲਤੇਜ ਪੰਨੂ ਨੇ ਹਰਪਾਲ ਜੁਨੇਜਾ ਨੂੰ ਵਧਾਈ ਦਿੱਤੀ ਹੈ। ਸਮਾਰੋਹ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਭੈਣ ਬੀਬਾ ਮਨਪ੍ਰੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਦੇਵ ਮਾਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਸਮੇਤ ਵੱਡੀ ਗਿਣਤੀ ਹੋਰ ਅਹਿਮ ਸ਼ਖ਼ਸੀਅਤਾਂ ਮੌਜ਼ੂਦ ਸਨ।

    ਇਹ ਵੀ ਪੜ੍ਹੋ: Amloh News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

    ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਪਾਲ ਜੁਨੇਜਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਮਿਹਨਤੀ ਆਗੂ ਨੂੰ ਨਵੀਂ ਜਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸ੍ਰੀ ਜੁਨੇਜਾ ਮਿਹਨਤ, ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਿਨ੍ਹਾਂ ਪੱਖਪਾਤ ਲੋਕਾਂ ਤੇ ਪਾਰਟੀ ਦੀ ਸੇਵਾ ਕਰਨਗੇ।

    ਲੋਕਾਂ ਦੀ ਸੇਵਾ ਲਈ ਪੰਜਾਬ ’ਚ 1300 ਹੋਰ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ

    ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ 1300 ਹੋਰ ਨਵੀਆਂ ਬੱਸਾਂ ਲੋਕਾਂ ਦੀ ਸੇਵਾ ਲਈ ਪਾਈਆਂ ਜਾਣਗੀਆਂ। ਉਨ੍ਹਾਂ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਪੀ.ਆਰ.ਟੀ.ਸੀ. ਦੇ ਮੁਲਾਜ਼ਮ ਵੀ ਉਨ੍ਹਾਂ ਦਾ ਪਰਿਵਾਰ ਹੈ, ਇਸ ਲਈ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਮੁਲਾਜ਼ਮਾਂ ਨੂੰ ਰਾਹਤ ਦੇ ਰਹੀ ਹੈ। ਉਨ੍ਹਾਂ ਹਰਪਾਲ ਜੁਨੇਜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣਗੇ। ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਹੁਣ ਪ੍ਰਾਈਵੇਟ ਤੋਂ ਜਿਆਦਾ ਸਰਕਾਰੀ ਬੱਸਾਂ ਚੱਲ ਰਹੀਆਂ ਹਨ ਤੇ ਸਾਰੀਆਂ ਨਜਾਇਜ਼ ਤੇ ਬਿਨ੍ਹਾਂ ਪਰਮਿਟ ਤੋਂ ਚੱਲਦੀਆਂ ਬੱਸਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ। PRTC News

    ਪੀ.ਆਰ.ਟੀ.ਸੀ. ਦੇ ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਨਵੇਂ ਚੇਅਰਮੈਨ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਅਦਾਰੇ ਵੱਲੋਂ ਪੂਰੀ ਮਿਹਨਤ ਕੀਤੀ ਜਾਵੇਗੀ। ਸਮਾਰੋਹ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਆਪ ਦੇ ਦਿਹਾਤੀ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ, ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

    ਕਿਲੋਮੀਟਰ ਸਕੀਮ, ਵੱਡੀਆਂ ਅਤੇ ਮਿੱਡੀ ਬੱਸਾਂ ਜਲਦ ਪੈਣਗੀਆਂ : ਹਰਪਾਲ ਜੁਨੇਜਾ

    ਨਵਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਲਤੇਜ ਪੰਨੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਪ੍ਰਗਟਾਏ ਭਰੋਸੇ ’ਤੇ ਉਹ ਹਰ ਹਾਲ ਖਰ੍ਹਾ ਉਤਰਨਗੇ। ਪਾਰਟੀ ਵੱਲੋਂ ਦਿੱਤੀ ਵੱਡੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕਰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਉਹ ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਵੀ ਜਲਦੀ ਹੀ 254 ਕਿਲੋਮੀਟਰ ਸਕੀਮ, 100 ਮਿੱਡੀ ਬੱਸਾਂ ਅਤੇ 309 ਵੱਡੀਆਂ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ।